ਅਕਾਲੀ ਦਲ ਦੀ ਪੋਲ ਖੋਲ੍ਹੇਗੀ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ: ਕਾਂਗਰਸ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਵਿੱਚ ਸਰਕਾਰ ਦਾ ਸਹਿਯੋਗ ਦੇਣ। ਉਹ ਈਸੜੂ ਵਿੱਚ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜਲਦ ਹੀ ਪੰਚਾਇਤ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਔਰਤਾਂ ਨੂੰ 50 ਫੀਸਦੀ ਸੀਟਾਂ ਦਿੱਤੀਆਂ ਜਾਣਗੀਆਂ, ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਔਰਤਾਂ ਦੀ ਭਾਗੀਦਾਰੀ ਹੋਰ ਵਧਾਈ ਜਾ ਸਕੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸਾਲ 2022 ਤੱਕ ਸੂਬੇ ਦੇ 60 ਫੀਸਦੀ ਪਿੰਡਾਂ ਵਿੱਚ ਸੀਵਰੇਜ ਦੀ ਸਹੂਲਤ ਮੁਹੱਈਆ ਕਰਾਉਣ ਦਾ ਟੀਚਾ ਮਿਥਿਆ ਗਿਆ ਹੈ।
ਪੰਜਾਬ ਸਰਕਾਰ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੌਰਾਨ ਲੋਕਾਂ ਨੂੰ ਕੁੱਟਿਆ ਤੇ ਲੁੱਟਿਆ ਗਿਆ ਅਤੇ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪੋਲ ਖੋਲ੍ਹਣ ਦੀਆਂ ਗੱਲਾਂ ਕਰਨ ਵਾਲੇ ਅਕਾਲੀਆਂ ਦੀ ਪੋਲ ਉਦੋਂ ਖੁੱਲ੍ਹੇਗੀ, ਜਦੋਂ ਬੇਅਦਬੀ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਗਿੱਲ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾਵੇਗੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਦਿੱਤੇ ਰਾਇਸ਼ੁਮਾਰੀ-2020 ਦੇ ਸੱਦੇ ਨੂੰ ਨਕਾਰ ਦੇਣ। ਇਸ ਕਾਰਨ ਕਾਂਗਰਸ ਪਾਰਟੀ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਮੌਕੇ ਪੰਜਾਬ ਗੰਭੀਰ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਸੀ। ਉਨ੍ਹਾਂ ਪਿੰਡ ਈਸੜੂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਇੱਕ ਪਰਿਵਾਰਕ ਮੈਂਬਰ ਨੂੰ ਅਗਲੇ ਕੁਝ ਦਿਨਾਂ ਵਿੱਚ ਸਰਕਾਰੀ ਨੌਕਰੀ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਨ ਬਾਰੇ ਵੀ ਕਿਹਾ।