ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਛੇਤੀ ਭਰਾਂਗੇ: ਸੋਨੀ

ਸਿੱਖਿਆ ਮੰਤਰੀ ਓ ਪੀ ਸੋਨੀ ਨੇ ਐਮਜੀਐਸ ਜਨਤਾ ਕਾਲਜ ਵਿੱਚ ਲਾਇਨਜ਼ ਕਲੱਬ ਵੱਲੋਂ ਕਰਵਾਏ ਸਨਮਾਨ ਸਮਾਗਮ ਦੌਰਾਨ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸਿੱਖਿਆ ਵਿਭਾਗ ਸਕੂਲਾਂ ਦੀਆਂ ਇਮਾਰਤਾਂ ਦੀਆਂ ਛੱਤਾਂ ’ਤੇ ਸਮਾਰਟ ਕਲਾਸ ਰੂਮ, ਕੰਪਿਊਟਰ ਲੈਬ, ਲੈਬਾਰਟਰੀ ਤੇ ਆਰ ਓ ਸਿਸਟਮ ਸਥਾਪਿਤ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਛੇਤੀ ਹੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ। ਸਮਾਗਮ ਦੌਰਾਨ ਲਾਇਨਜ਼ ਕਲੱਬ ਵੱਲੋਂ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ 71 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਸਮਾਗਮ ਦੌਰਾਨ ਸਨਮਾਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਬੱਚਿਆਂ ਨੂੰ ਹੋਰ ਮਿਆਰੀ ਸਿੱਖਿਆ ਦੇਣ ਦੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੈਟੀ ਸੋਢੀ, ਪ੍ਰਵੀਨ ਵਰਮਾ, ਰਕੇਸ਼ ਅਰੋੜਾ, ਸੁਰਜੀਤ ਸਿੰਘ ਵਾਲੀਆ ਤੇ ਬਲਵੀਰ ਸਿੰਘ ਹਾਜ਼ਰ ਸਨ।