ਅਸਤੀਫ਼ਾ ਦੇਣ ਵਾਲੇ ਕਿਸੇ ਤੋਂ ਪੁੱਛਦੇ ਨਹੀਂ: ਨਵਜੋਤ ਸਿੱਧੂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਹਿੱਤਾਂ ਲਈ ਪ੍ਰਧਾਨਗੀ ਤੋਂ ਅਸਤੀਫਾ ਦੇਣ ਦੀ ਕੀਤੀ ਗੱਲ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਡਰਾਮਾ ਕਰਾਰ ਦਿੱਤਾ ਹੈ।
ਸ੍ਰੀ ਸਿੱਧੂ ਨੇ ਆਖਿਆ ਕਿ ਜਿਨ੍ਹਾਂ ਨੇ ਅਸਤੀਫਾ ਦੇਣਾ ਹੁੰਦਾ ਹੈ, ਉਹ ਕਿਸੇ ਤੋਂ ਪੁੱਛਦੇ ਨਹੀਂ ਹਨ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਆਖਿਆ ਕਿ ਇਨ੍ਹਾਂ ਅਕਾਲੀ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਸਮੇਂ ਕਿਸੇ ਕੋਲੋਂ ਪੁੱਛਿਆ ਨਹੀਂ ਸੀ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਤਾਂ ਉਸ ਵੇਲੇ ਹੀ ਪ੍ਰਧਾਨਗੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਸੀ ਜਦੋਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਾਖ਼ ਨੂੰ ਭਾਰੀ ਢਾਹ ਲੱਗੀ ਸੀ ਅਤੇ ਉਸ ਨੂੰ ਤੀਜੇ ਥਾਂ ’ਤੇ ਆਉਣਾ ਪਿਆ ਸੀ। ਉਹ ਪਾਰਟੀ ਵਿਚ ਵਿਰੋਧੀ ਧਿਰ ਦਾ ਰੁਤਬਾ ਵੀ ਹਾਸਲ ਨਹੀਂ ਕਰ ਸਕੇ ਸਨ। ਉਸ ਨੂੰ ਉਸ ਵੇਲੇ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਆਖਿਆ ਕਿ ਉਸ ਵੱਲੋਂ ਅਸਤੀਫਾ ਦਿੱਤੇ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ। ਸਿਰਫ਼ ਆਪਣੀ ਪ੍ਰਧਾਨਗੀ ਦੀ ਕੁਰਸੀ ਨੂੰ ਖਤਰੇ ਵਿਚ ਪਿਆ ਦੇਖ ਕੇ ਉਸ ਵੱਲੋਂ ਟਕਸਾਲੀ ਅਕਾਲੀਆਂ ਨੂੰ ਮਨਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਬਰਗਾੜੀ ਤੇ ਬੇਅਦਬੀ ਕਾਂਡ ਵਿਚ ਹੁਣ ਤਕ ਸੁਖਬੀਰ ਸਿੰਘ ਬਾਦਲ ਜਾਂ ਪ੍ਰਕਾਸ਼ ਸਿੰਘ ਬਾਦਲ ਨੇ ਕਿਸੇ ਦੀ ਸਾਰ ਨਹੀਂ ਲਈ ਹੈ। ਇਸੇ ਤਰ੍ਹਾਂ ਰੇਲ ਹਾਦਸੇ ਵਿਚ ਪ੍ਰਭਾਵਿਤ ਪਰਿਵਾਰਾਂ ਦੀ ਕੋਈ ਮਦਦ ਨਹੀਂ ਕੀਤੀ ਹੈ ਪਰ ਇਸ ਮੁੱਦੇ ‘ਤੇ ਸਿਆਸਤ ਜ਼ਰੂਰ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਮਾਸਟਰ ਤਾਰਾ ਸਿੰਘ ਅਤੇ ਹੋਰ ਅਜਿਹੇ ਕਈ ਪ੍ਰਧਾਨਾਂ ਦੇ ਹੁੰਦਿਆਂ ਸ਼੍ਰੋਮਣੀ ਅਕਾਲੀ ਦਲ ਇਕ ਪਵਿੱਤਰ ਪਾਰਟੀ ਰਹੀ ਹੈ। ਉਨ੍ਹਾਂ ਕੋਲ ਮਾਇਆ ਭਾਵੇਂ ਘੱਟ ਸੀ ਪਰ ਉਨ੍ਹਾਂ ਦਾ ਲੋਕਾਂ ਵਿਚ ਵੱਡਾ ਮਾਣ ਸਨਮਾਨ ਸੀ। ਲੇਕਿਨ ਹੁਣ ਇਸ ਦੇ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਨੇ ਸੱਤਾ ਵਿਚ ਹੁੰਦਿਆਂ ਅਕਾਲੀਆਂ ਨੂੰ ਅਣਦੇਖਿਆਂ ਕੀਤਾ ਸੀ ਅਤੇ ਕਦੇ ਕਿਸੇ ਦੀ ਪ੍ਰਵਾਹ ਨਹੀਂ ਕੀਤੀ।