ਆਮ ਆਦਮੀ ਪਾਰਟੀ (ਆਪ) ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਆਪਣੇ ਪੰਜ ਉਮੀਦਵਾਰਾਂ ਦੀ ਚੋਣ ਦਾ ਫ਼ੈਸਲਾ ਕਰ ਲਿਆ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਇਕਾਈ ਦੀ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਬਣੀ 22 ਮੈਂਬਰੀ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਕੁੱਲ੍ਹ 13 ਸੀਟਾਂ ਵਿੱਚੋਂ 5 ਹਲਕਿਆਂ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਹੈ ਜਿਸ ਉਪਰ ਕੇਂਦਰੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਰਸਮੀ ਮੋਹਰ ਲਵਾ ਕੇ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਪਾਰਟੀ ਨੇ ਮੌਜੂਦਾ ਸੰਸਦ ਮੈਂਬਰ ਤੇ ਪਾਰਟੀ ਦੇ ਮੁੱਖ ਆਗੂ ਭਗਵੰਤ ਮਾਨ ਨੂੰ ਮੁੜ ਸੰਗਰੂਰ ਹਲਕੇ ਤੋਂ ਚੋਣ ਲੜਾਉਣ ਦਾ ਫੈਸਲਾ ਲੈ ਲਿਆ ਹੈ। ਇਸੇ ਤਰ੍ਹਾਂ, ਮੌਜੂਦਾ ਸੰਸਦ ਮੈਂਬਰ ਪ੍ਰੋਫੈਸਰ ਸਾਧੂ ਸਿੰਘ ਨੂੰ ਵੀ ਮੁੜ ਫਰੀਦਕੋਟ ਹਲਕੇ ਤੋਂ ਹੀ ਚੋਣ ਲੜਾਈ ਜਾ ਸਕਦੀ ਹੈ। ਸੂਤਰਾਂ ਅਨੁਸਾਰ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਧਾਲੀਵਾਲ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ, ਪਾਰਟੀ ਦੇ ਜਨਰਲ ਸਕੱਤਰ ਤੇ ਵਿੱਤ ਕਮੇਟੀ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਤੇ ਦੋਆਬਾ ਜ਼ੋਨ ਦੇ ਪ੍ਰਧਾਨ ਡਾਕਟਰ ਰਵਜੋਤ ਨੂੰ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜਾਉਣ ਦੀ ਸੰਭਾਵਨਾ ਹੈ। ਪਤਾ ਲੱਗਾ ਹੈ ਕਿ ਪੰਜਾਬ ਇਕਾਈ ਦੀ ਕੋਰ ਕਮੇਟੀ ਦੀ ਪਿਛਲੇ ਦਿਨੀਂ ਚੰਡੀਗੜ੍ਹ ਵਿਚ ਹੋਈ ਮੀਟਿੰਗ ਵਿੱਚ ਹਲਕਾ ਫਤਿਹਗੜ੍ਹ ਸਾਹਿਬ ਲਈ ਵੀ ਉਮੀਦਵਾਰ ਚੁਣਨ ਦਾ ਫੈਸਲਾ ਲਿਆ ਸੀ ਪਰ ਫਿਲਹਾਲ ਇਸ ਹਲਕੇ ਲਈ ਉਮੀਦਵਾਰ ਦੇ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਜਾ ਸਕਿਆ। ਸੂਤਰਾਂ ਅਨੁਸਾਰ ਕੋਰ ਕਮੇਟੀ ਨੇ ਹਰੇਕ ਹਲਕੇ ਲਈ ਉਮੀਦਵਾਰ ਵਾਸਤੇ 2 ਜਾਂ 3 ਨਾਵਾਂ ਦੀ ਸਿਫਾਰਸ਼ ਕੇਂਦਰੀ ਪੀਏਸੀਪੀ ਨੂੰ ਕੀਤੀ ਸੀ ਅਤੇ ਕੇਂਦਰੀ ਮੁੱਖ ਲੀਡਰਸ਼ਿਪ ਨੇ ਪੰਜਾਬ ਦੇ ਮੁੱਖ ਆਗੂਆਂ ਨਾਲ ਸਲਾਹ ਮਸ਼ਵਰਾ ਕਰ ਕੇ ਸਾਫ ਕਰ ਦਿੱਤਾ ਸੀ ਕਿ ਸਿਫਾਰਸ਼ ਕੀਤੇ ਨਾਵਾਂ ਵਿੱਚੋਂ ਹੀ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਸੀ ਕਿ ਪੀਏਸੀਪੀ ਵੱਲੋਂ ਸਿਫਾਰਸ਼ ਕੀਤੇ ਨਾਵਾਂ ਵਿੱਚੋਂ ਹੀ ਉਮੀਦਵਾਰ ਚੁਣੇ ਜਾਣਗੇ ਅਤੇ ਇਨ੍ਹਾਂ ਨਾਵਾਂ ਤੋਂ ਇਲਾਵਾ ਆਪਣੇ ਪੱਧਰ ’ਤੇ ਕਿਸੇ ਬਾਹਰੀ ਵਿਅਕਤੀ ਨੂੰ ਉਮੀਦਵਾਰ ਨਹੀਂ ਚੁਣਿਆ ਜਾਵੇਗਾ।
INDIA ‘ਆਪ’ ਨੇ ਲੋਕ ਸਭਾ ਚੋਣਾਂ ਲਈ ਪੰਜ ਉਮੀਦਵਾਰਾਂ ਬਾਰੇ ਫ਼ੈਸਲਾ ਕੀਤਾ