ਵਿੱਤ ਮੰਤਰੀ ਅਰੁਣ ਜੇਤਲੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸੱਤਾ ’ਚ ਆਉਣ ਦੇ 10 ਦਿਨਾਂ ਅੰਦਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਪਾਰਟੀ ਅਜਿਹਾ ਇਸ ਕਰ ਕੇ ਕਹਿ ਰਹੀ ਹੈ ਕਿਉਂਕਿ ਉਸ ਨੂੰ ਪਤਾ ਹੈ ਕਿ ਉਹ ਸੱਤਾ ’ਤੇ ਕਾਬਜ਼ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਰਨਾਟਕ ਅਤੇ ਪੰਜਾਬ ਵਿੱਚ ਵੀ ਇਹ ਵਾਅਦਾ ਕੀਤਾ ਸੀ ਪਰ ਜਦੋਂ ਉਨ੍ਹਾਂ ਦੇਖਿਆ ਕਿ ਉਹ ਪੰਜਾਬ ਵਿੱਚ ਅਜਿਹਾ ਨਹੀਂ ਕਰ ਸਕਦੇ ਤਾਂ ਉਨ੍ਹਾਂ ਕਰਜ਼ਾ ਮੁਆਫ਼ੀ ਨੂੰ ਮਹਿਜ਼ ਰਸਮ ਤਕ ਸੀਮਤ ਕਰ ਦਿੱਤਾ। ਕੇਂਦਰੀ ਵਿੱਤ ਮੰਤਰੀ ਜ਼ਾਹਰਾ ਤੌਰ ’ਤੇ ਸਹਿਕਾਰੀ ਬੈਂਕਾਂ ਤੋਂ ਦੋ ਲੱਖ ਰੁਪਏ ਤਕ ਦੇ ਕਰਜ਼ੇ ਦੀ ਅੰਸ਼ਕ ਮੁਆਫ਼ੀ ਬਾਰੇ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਅੰਸ਼ਕ ਤੌਰ ’ਤੇ ਵੀ ਕਰਜ਼ਾ ਮੁਆਫ਼ੀ ਨਾਲ ਵਿਕਾਸ ਲਈ ਫੰਡਾਂ ਦੀ ਭਾਰੀ ਤੋਟ ਆ ਜਾਂਦੀ ਹੈ। ਜਿਨ੍ਹਾਂ ਕੋਲ ਇਸ ਵਿਸ਼ੇ ਦਾ ਗਿਆਨ ਨਹੀਂ ਹੈ ਉਹ ਘਟੀਆ ਪ੍ਰਚਾਰ ਲਈ ਅਜਿਹਾ ਕਰਦੇ ਹਨ। ਉਨ੍ਹਾਂ ਕਿਹਾ ਕਿ ਨਾਅਰਿਆਂ ਦੀ ਰਵਾਇਤ 1971 ਵਿੱਚ ‘ਗਰੀਬੀ ਹਟਾਓ’ ਨਾਲ ਸ਼ੁਰੂ ਹੋਈ ਸੀ, ਪਰ ਮੁਲਕ ਅੱਜ ਵੀ ਇਸ ਸਮੱਸਿਆ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਾਅਰਿਆਂ ਦੀ ਰਾਜਨੀਤੀ ਦਾ ਸਮਾਂ ਲੰਘ ਚੁੱਕਾ ਹੈ। ਲੋਕਾਂ ਨੂੰ ਨੇਤਾਵਾਂ ਤੋਂ ਭਾਰੀ ਉਮੀਦਾਂ ਹਨ। ਉਨ੍ਹਾਂ ਨੇ ਜੀਐਸਟੀ ਨੂੰ ਸਰਕਾਰ ਦੀ ਪ੍ਰਾਪਤੀ ਦੱਸਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਟੈਕਸ ਭਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਸੇ ਦੌਰਾਨ ਭਾਜਪਾ ਨੇ ਰਾਜਸਥਾਨ ਵਿੱਚ 7 ਦਸੰਬਰ ਦੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਆਪਣਾ ਚੋਣ ਮਨੋਰਥ ਪੱਧਰ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇ ਪਾਰਟੀ ਸੱਤਾ ਵਿੱਚ ਆਈ ਤਾਂ ਅਨੈਤਿਕ ਕੰਮਾਂ ਨੂੰ ਪਰਿਭਾਸ਼ਤ ਕਰਨ ਲਈ ‘ਗੋਰਖ ਧੰਦਾ’ ਸ਼ਬਦ ਦੀ ਵਰਤੋਂ ਨੂੰ ਸਜ਼ਾਯੋਗ ਅਪਰਾਧ ਮੰਨਿਆ ਜਾਵੇਗਾ। ਪਾਰਟੀ ਨੇ ਕਿਹਾ ਕਿ ਇਸ ਸ਼ਬਦ ਨਾਲ ਸੰਤ ਗੋਰਖਨਾਥ ਦੇ ਮੁਰੀਦਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਇਸ ਲਈ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਪਾਰਟੀ ਨੇ ਦਾਅਵਾ ਕੀਤਾ ਕਿ 2013 ਵਿੱਚ ਕੀਤੇ ਗਏ ਵਾਅਦਿਆਂ ਵਿਚੋਂ 95 ਫੀਸਦੀ ਪੂਰੇ ਕਰ ਦਿੱਤੇ ਗਏ ਹਨ। ਕੇਂਦਰੀ ਮੰਤਰੀ ਅਰੁਣ ਜੇਤਲੀ, ਪ੍ਰਕਾਸ਼ ਜਾਵੜੇਕਰ ਅਤੇ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਭਾਜਪਾ ਆਗੂਆਂ ਦੀ ਹਾਜ਼ਰੀ ਵਿੱਚ ਚੋਣ ਮਨੋਰਥ ਪੱਤਰ ਜਾਰੀ ਕੀਤਾ।
INDIA ਕਰਜ਼ ਮੁਆਫ਼ੀ ਦੇ ਰਾਹੁਲ ਦੇ ਵਾਅਦੇ ਦਾ ਜੇਤਲੀ ਨੇ ਮਜ਼ਾਕ ਉਡਾਇਆ