ਕਾਂਗਰਸੀ ਵਿਧਾਇਕ ਭਾਜਪਾ ਵਿੱਚ ਸ਼ਾਮਲ

ਛੱਤੀਸਗੜ੍ਹ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਮਦਿਆਲ ਉੂਈਕ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਭਾਜਪਾ ਦਾ ਪੱਲਾ ਫੜਨ ਨਾਲ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਉੂਈਕ ਪਾਲੀ ਤਾਨਾਖਾਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਹ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਰਮਨ ਸਿੰਘ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਧਰਮਲਾਲ ਕੌਸ਼ਿਕ ਵੀ ਮੌਜੂਦ ਸਨ। ਊਈਕ ਦੇ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੇ ਰਮਨ ਸਿੰਘ ਦੀ ਅਹਿਮ ਭੂਮਿਕਾ ਸੀ। ਬਿਲਾਸਪੁਰ ਡਿਵੀਜ਼ਨ ਦੇ ਲੋਕਪ੍ਰਿਯ ਕਬਾਇਲੀ ਨੇਤਾ ਉੂਈਕ ਨੇ ਕਿਹਾ ਕਿ ਉਹ ਕਾਂਗਰਸ ਵਿੱਚ ਘੁਟਣ ਮਹਿਸੂਸ ਕਰ ਰਹੇ ਸਨ, ਕਿਉਂਕਿ ਪਾਰਟੀ ਵੱਲੋਂ ਅਨੁਸੂਚਿਤ ਜਾਤੀ ਦੇ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਪੁਰਾਣੇ ਸਿਧਾਂਤਾਂ ਅਤੇ ਆਦਰਸ਼ਾਂ ਤੋਂ ਭਟਕ ਗਈ ਹੈ। ਪਾਰਟੀ ਵਿੱਚ ਸੀਡੀ ਰਾਜਨੀਤੀ ਦਾ ਦਬਦਬਾ ਵਧਣ ਕਾਰਨ ਕਾਂਗਰਸ ਦੀ ਸਾਖ ਖ਼ਰਾਬ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਕਬਾਇਲੀ, ਪੱਛੜਿਆਂ ਅਤੇ ਗਰੀਬਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕਰ ਰਹੀ ਹੈ। ਊਈਕ ਨੇ ਕਿਹਾ, ‘‘ ਮੁੱਖ ਮੰਤਰੀ ਕਬਾਇਲੀ ਅਤੇ ਪੱਛੜੇ ਇਲਾਕਿਆ ਦਾ ਸਮੁੱਚਾ ਵਿਕਾਸ ਕਰ ਰਹੇ ਹਨ। ਉਹ ਪੀੜ੍ਹਤਾਂ ਦਾ ਦਰਦ ਸਮਝਦੇ ਹਨ। ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰ ਰਹੇ ਹਨ। ਇਸੇ ਲਈ ਉਨ੍ਹਾਂ ਮੁੱਖ ਮੰਤਰੀ ਅਤੇ ਭਾਜਪਾ ਦੀਆਂ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਕੇ ਘਰ ਵਾਪਸੀ ਕੀਤੀ ਹੈ।’’ ਜ਼ਿਕਰਯੋਗ ਹੈ ਕਿ ਊਈਕ ਕਾਂਗਰਸ ਦੀ ਸਕਰੀਨਿੰਗ ਕਮੇਟੀ ਵਿਚੋਂ ਬੇਦਖਲ ਕੀਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਸਨ।