ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ਉਦੋਂ ਤੱਕ ਕੋਈ ਗੱਲਬਾਤ ਨਹੀਂ ਹੋਵੇਗੀ ਜਦੋਂ ਤੱਕ ਉਹ ਭਾਰਤ ਵਿਰੁੱਧ ਅਤਿਵਾਦੀ ਕਾਰਵਾਈਆਂ ਤੋਂ ਤੌਬਾ ਨਹੀਂ ਕਰ ਲੈਂਦਾ। ਭਾਰਤ ਦਾ ਇਹ ਬਿਆਨ ਪਾਕਿਸਤਾਨ ਦੇ ਉਸ ਐਲਾਨ ਦੇ ਜਵਾਬ ਵਿਚ ਆਇਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਉਹ ਪਾਕਿਸਤਾਨ ਵਿਚ ਹੋਣ ਵਾਲੇ ਸਾਰਕ ਸੰਮੇਲਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਣਗੇ। ਇਸ ਦੇ ਨਾਲ ਹੀ ਸਵਰਾਜ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਗੱਲਬਾਤ ਦੀ ਪ੍ਰਕਿਰਿਆ ਨਾਲ ਕੋਈ ਸਬੰਧ ਨਹੀਂ ਹੈ। ਸ੍ਰੀਮਤੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਸਾਰਕ ਲਈ ਬੁਲਾਵਾ ਪਹਿਲਾਂ ਹੀ ਆ ਚੁੱਕਾ ਹੈ ਅਤੇ ਅਸੀਂ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਕਿਉਂਕਿ ਭਾਰਤ ਇਸ ਗੱਲ ਉੱਤੇ ਦ੍ਰਿੜ ਹੈ ਕਿ ਜਦੋਂ ਤੱਕ ਪਾਕਿਸਤਾਨ ਭਾਰਤ ਵਿਚ ਅਤਿਵਾਦੀ ਗਤੀਵਿਧੀਆਂ ਨੂੰ ਬੰਦ ਨਹੀਂ ਕਰਦਾ ਉਦੋਂ ਤੱਕ ਨਾ ਹੀ ਪਾਕਿਸਤਾਨ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਨਾ ਹੀ ਸਾਰਕ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਸ੍ਰੀਮਤੀ ਸਵਰਾਜ ਦਾ ਬਿਆਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਕੁੱਝ ਘੰਟੇ ਪਹਿਲਾਂ ਆਇਆ ਹੈ। ਜ਼ਿਕਰਯੋਗ ਹੈ ਕਿ ਇਹ ਲਾਘਾਂ ਪਾਕਿਸਤਾਨੀ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਦੇ ਕਸਬਾ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤ ਵਿਚਲੇ ਪੰਜਾਬ ਦੇ ਕਸਬਾ ਡੇਰਾ ਬਾਬਾ ਨਾਨਕ ਨਾਲ ਜੋੜੇਗਾ। ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਦੇ ਮੁਕੱਦਸ ਮੌਕੇ ਕਸ਼ਮੀਰ ਮਸਲਾ ਉਠਾਉਣ ਨੂੰ ਬੇਹੱਦ ਅਫਸੋਸਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਇਕ ਧਾਰਮਿਕ ਰਸਮ ਨੂੰ ਸਿਆਸਤ ਕਰਨ ਲਈ ਚੁਣਿਆ ਹੈ। ਵਿਦੇਸ਼ ਮੰਤਰਾਲੇ ਨੇ ਜ਼ੋਰਦਾਰ ਤਰੀਕੇ ਨਾਲ ਕਿਹਾ ਹੈ ਕਿ ਜੰਮੂ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ।
INDIA ਗੱਲਬਾਤ ਤੋਂ ਪਹਿਲਾਂ ਪਾਕਿ ਅਤਿਵਾਦ ਰੋਕੇ: ਸੁਸ਼ਮਾ