ਜਾਖੜ ਦੀ ਕੋਠੀ ਅੱਗੇ ਧਰਨਾ ਦੇਣਾ ਮਹਿੰਗਾ ਪਿਆ

ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਦਿੱਤੇ ਗਏ ਸੱਦੇ ਤਹਿਤ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਕਾਂਗਰਸੀ ਵਿਧਾਇਕਾਂ, ਮੰਤਰੀਆਂ, ਹਲਕਾ ਇੰਚਾਰਜਾਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਗਏ। ਇਸੇ ਸੱਦੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਅਧਿਆਪਕਾਂ ਵੱਲੋਂ ਅਬੋਹਰ ਵਿੱਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਰਿਹਾਇਸ਼ ਅੱਗੇ ਦੇਰ ਰਾਤ ਤੱਕ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਨਹਿਰੂ ਪਾਰਕ ਵਿੱਚ ਇਕੱਤਰ ਹੋਏ ਅਧਿਆਪਕਾਂ ਨੇ ਜਦੋਂ ਸ਼ਾਂਤੀਪੂਰਵਕ ਮਾਰਚ ਸ਼ੁਰੂ ਕੀਤਾ ਤਾਂ ਪੁਲੀਸ ਨੇ ਬੈਰੀਕੇਡ ਲਗਾ ਕੇ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕ ਲਿਆ। ਜਦੋਂ ਅਧਿਆਪਕਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨਾਲ ਧੱਕਾ ਮੁੱਕੀ ਕੀਤੀ ਗਈ। ਮਹਿਲਾ ਅਧਿਆਪਕਾਵਾਂ ਦੇ ਵਾਲ ਪੁੱਟੇ ਗਏ।
ਜਦੋਂ ਅਧਿਆਪਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਉਲਟਾ ਅਧਿਆਪਕਾਂ ’ਤੇ ਹੀ ਪਰਚਾ ਦਰਜ ਕਰ ਦਿੱਤਾ ਗਿਆ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 25/30 ਅਣਪਛਾਤੇ ਅਧਿਆਪਕਾਂ ਤੋਂ ਇਲਾਵਾ ਅਧਿਆਪਕਾਂ ਅਤੇ ਮੁਲਾਜ਼ਮ ਆਗੂਆਂ ਸੁਰਿੰਦਰ ਬਿੱਲਾ ਪੱਟੀ, ਪ੍ਰਮੋਦ ਬਿਸ਼ਨੋਈ, ਮਹਿੰਦਰ ਕੋੜਿਆਂ ਵਾਲੀ, ਕਾਲਾ ਸਿੰਘ, ਅਮਿਤ ਕੁਮਾਰ ਅਤੇ ਰਾਮ ਕੁਮਾਰ ਵਰਮਾ ਸਮੇਤ ਧਾਰਾ 353/186/332/148/149 ਤਹਿਤ ਥਾਣਾ ਸਿਟੀ 2 ਅਬੋਹਰ ਵਿੱਚ ਪਰਚਾ ਦਰਜ ਕੀਤਾ ਗਿਆ ਹੈ।
ਓਧਰ, ਸਾਂਝਾ ਅਧਿਆਪਕ ਮੋਰਚੇ ਦੇ ਕਨਵੀਨਰਾਂ ਸੁਖਵਿੰਦਰ ਸਿੰਘ ਚਹਿਲ ਦਵਿੰਦਰ ਪੂਨੀਆ ਤੋਂ ਕਨਵੀਨਰ ਹਰਦੀਪ ਟੋਡਰਪੁਰ ਅਧਿਆਪਕ ਆਗੂ ਗੁਰਪ੍ਰੀਤ ਅੰਮੀਵਾਲ ਨੇ ਮਹਿਲਾ ਅਧਿਆਪਕਾਂ ਨਾਲ਼ ਪੁਲੀਸ ਵੱਲੋਂ ਕੀਤੇ ਜਬਰ ਦੀ ਨਿਖੇਧੀ ਕੀਤੀ ਗਈ ਅਤੇ ਇਸ ਘਟਨਾ ਨੂੰ ਬੇਹੱਦ ਸ਼ਰਮਨਾਕ ਅਤੇ ਨੈਤਿਕਤਾ ਤੋਂ ਗਿਰੀ ਹੋਈ ਦੱਸਿਆ।
ਨਾਲ਼ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਅਧਿਆਪਕ ਅਤੇ ਮੁਲਾਜ਼ਮ ਆਗੂਆਂ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਤੁਰੰਤ ਰੱਦ ਕੀਤਾ ਜਾਵੇ ਅਤੇ 39 ਦਿਨਾਂ ਤੋਂ ਪਟਿਆਲਾ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਅਧਿਆਪਕਾਂ ਦੀਆਂ ਮੰਗਾਂ ਅਤੇ ਮਸਲਿਆਂ ਦਾ ਹੱਲ ਛੇਤੀ ਕੀਤਾ ਜਾਵੇ।