ਟਰਾਂਸਪੋਰਟ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ

ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖ਼ਰੇ ਉਤਰਨ ਅਤੇ ਵਿਭਾਗ ਦੇ ਕੰਮ-ਕਾਜ ਵਿਚ ਤੇਜ਼ੀ ਲਿਆਉਣ, ਨਹੀਂ ਤਾਂ ਸਖ਼ਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਅੱਜ ਇੱਥੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਨੂੰ ਸੂਬੇ ਦੀ ਆਰਥਿਕਤਾ ਦਾ ਰੁਖ਼ ਬਦਲਣ ਦੀ ਸਮਰੱਥਾ ਰੱਖਣ ਵਾਲਾ ਵਿਭਾਗ ਦੱਸਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਦੇ ਹਰੇਕ ਮੁਲਾਜ਼ਮ ਤੇ ਅਧਿਕਾਰੀ ਨੂੰ ਚੰਗੇ ਨਤੀਜੇ ਲਿਆਉਣ ਵਾਲਾ ਰਵੱਈਆ ਅਖ਼ਤਿਆਰ ਕਰਨਾ ਪਵੇਗਾ। ਮਾਲੀਆ ਜੁਟਾਉਣ ’ਤੇ ਧਿਆਨ ਕੇਂਦਰਿਤ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਭਾਗੀ ਅਫ਼ਸਰਾਂ ਦੀ ਕਾਰਗੁਜ਼ਾਰੀ ਕਈ ਮਹੱਤਵਪੂਰਨ ਮਾਪਦੰਡਾਂ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ ਤੇ ਜਿਹੜਾ ਅਧਿਕਾਰੀ ਚੰਗੇ ਨਤੀਜੇ ਨਹੀਂ ਦੇਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਅਧਿਕਾਰੀਆਂ ਨੂੰ ਗ਼ੈਰਕਾਨੂੰਨੀ ਢੰਗ ਨਾਲ ਅਤੇ ਲੋੜੀਂਦੇ ਦਸਤਾਵੇਜ਼ਾਂ ਤੋਂ ਬਿਨਾਂ ਬੱਸਾਂ ਚਲਾਉਣ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਲਈ ਕਿਹਾ ਹੈ ਅਤੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਕੰਮ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਨੇਪਰੇ ਚੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਦਫ਼ਤਰਾਂ ਵਿੱਚੋਂ ਬਾਹਰ ਨਿਕਲ ਕੇ ਸੜਕਾਂ ਉਪਰ ਆਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।