ਪਾਕਿ ਨੇ ਕਰਤਾਰਪੁਰ ਬਾਰਡਰ ’ਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹਿਆ

ਸਿੱਖ ਸ਼ਰਧਾਲੂਆਂ ਲਈ ਇਤਿਹਾਸਕ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪਾਕਿਸਤਾਨ ਨੇ ਕਰਤਾਰਪੁਰ ਬਾਰਡਰ ਉੱਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹ ਦਿੱਤਾ ਹੈ। ਇਹ ਲਾਂਘਾ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਵਿਚ ਸਥਿਤ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਫੈੱਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫਆਈਏ) ਦੇ ਡਿਪਟੀ ਡਾਇਰੈਕਟਰ (ਪੰਜਾਬ) ਮੁਫਖ਼ਰ ਅਦੀਲ ਨੇ ਕਿਹਾ,‘ਬਾਰਡਰ ਪਾਰ ਕਰਨਾ ਦਹਿਸ਼ਤਗਰਦਾਂ, ਮਨੁੱਖੀ ਤਸਕਰੀ ਕਰਨ ਵਾਲਿਆਂ ਅਤੇ ਨਸ਼ਾ ਤਸਕਰਾਂ ਲਈ ਆਸਾਨ ਹੋ ਸਕਦਾ ਹੈ, ਇਸ ਲਈ ਸਰਹੱਦ ਦੇ ਦੋਵੇਂ ਪਾਸਿਆਂ ’ਤੇ ਸਥਿਤੀ ਉੱਤੇ ਕੰਟਰੋਲ ਰੱਖਣ ਲਈ ਮਜ਼ਬੂਤ ਢਾਂਚੇ ਦੀ ਲੋੜ ਸੀ। ਉਨ੍ਹਾਂ ਡਾਅਨ ਨਿਊਜ਼ ਨੂੰ ਦੱਸਿਆ,‘ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸਬੰਧ ’ਚ ਐੱਫਆਈਏ ਨੇ ਨਾਰੋਵਾਲ (ਲਾਹੌਰ ਤੋਂ 120 ਕਿਲੋਮੀਟਰ ਦੂਰ) ਵਿਚ ਕਰਤਾਰਪੁਰ ਬਾਰਡਰ ’ਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹ ਦਿੱਤਾ ਹੈ। ਉਨ੍ਹਾਂ ਦੱਸਿਆ,‘ਐੱਫਆਈਏ ਦੇ ਅਧਿਕਾਰੀ ਸਿੱਖ ਸ਼ਰਧਾਲੂਆਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨਗੇ ਅਤੇ ਬਾਇਓਮੀਟਰਿਕ ਪ੍ਰਣਾਲੀ ਰਾਹੀਂ ਉਨ੍ਹਾਂ ਦੀ ਸ਼ਨਾਖਤ ਕਰਨਗੇ। ਵੀਜ਼ਾ ਪ੍ਰਾਪਤ ਸਿੱਖ ਸ਼ਰਧਾਲੂਆਂ ਨੂੰ ਸ਼ਹਿਰ ਵਿਚ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ ਜਦਕਿ ਪਰਮਿਟ ਹਾਸਲ ਸ਼ਰਧਾਲੂਆਂ ਨੂੰ ਸਿਰਫ ਗੁਰਦੁਆਰਾ ਦਰਬਾਰ ਸਾਹਿਬ ਜਾਣ ਦੀ ਆਗਿਆ ਹੋਵੇਗੀ।’