ਪੈਟਰੋਲ ਪੰਪ ਲੁੱਟਣ ਵਾਲੇ ਗਰੋਹ ਦੇ 8 ਮੈਂਬਰ ਹਥਿਆਰਾਂ ਸਮੇਤ ਕਾਬੂ

ਹਥਿਆਰ ਦਿਖਾ ਕੇ ਪੈਟਰੋਲ ਪੰਪ ਲੁੱਟਣ ਵਾਲੇ ਗਰੋਹ ਦੇ ਅੱਠ ਮੈਂਬਰਾਂ ਨੂੰ ਜ਼ਿਲ੍ਹਾ ਪੁਲੀਸ ਨੇ ਹਥਿਆਰਾਂ ਤੇ ਨਕਦੀ ਸਮੇਤ ਕਾਬੂ ਕੀਤਾ ਹੈ।
ਇਹ ਜਾਣਕਾਰੀ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ 4 ਤੇ 5 ਨਵੰਬਰ ਦੀ ਦਰਮਿਆਨੀ ਰਾਤ ਨੂੰ ਅਮਲੋਹ ਵਿਚ ਰਿਲਾਇੰਸ ਪੈਟਰੋਲ ਪੰਪ ਮਾਰੂ ਹਥਿਆਰਾਂ ਨਾਲ ਡਰਾ-ਧਮਕਾ ਕੇ ਲੁੱਟਿਆ ਗਿਆ ਸੀ। ਲੁਟੇਰਿਆਂ ਨੇ ਪੈਟਰੋਲ ਪੰਪ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਕੁੱਟਮਾਰ ਕਰਕੇ ਉਥੋਂ ਕਰੀਬ 5 ਲੱਖ 50 ਹਜ਼ਾਰ ਰੁਪਏ ਨਕਦੀ ਅਤੇ ਵਰਕਰਾਂ ਦੇ ਮੋਬਾਈਲ ਫੋਨ ਖੋਹ ਲਏ ਸਨ। ਇਸ ’ਤੇ ਥਾਣਾ ਅਮਲੋਹ ਵਿਚ ਧਾਰਾ 379 ਬੀ ਅਧੀਨ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਐੱਸ.ਪੀ. (ਜਾਂਚ) ਹਰਪਾਲ ਸਿੰਘ ਦੀ ਅਗਵਾਈ ਹੇਠ ਟੀਮ ਬਣਾਈ ਗਈ ਸੀ।
ਟੀਮ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਕਥਿਤ ਦੋਸ਼ੀਆਂ ਜਸ਼ਨਦੀਪ ਸਿੰਘ ਪੁੱਤਰ ਜੰਗੀਰ ਸਿੰਘ, ਗੁਰਮੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀਆਨ ਪਿੰਡ ਕਲਾਲ ਮਾਜਰਾ, ਰਾਜਵੀਰ ਸਿੰਘ ਪੁੱਤਰ ਜਤਿੰਦਰ ਸਿੰਘ, ਜਗਦੀਪ ਸਿੰਘ ਪੁੱਤਰ ਗੁਰਜੀਤ ਸਿੰਘ, ਭੁਪਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਘੁਟੀਂਡ ਥਾਣਾ ਅਮਲੋਹ, ਦਵਿੰਦਰ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਪਿੰਡ ਮਨੈਲਾ ਥਾਣਾ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਜਸਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਰਾਜੇਵਾਲ ਥਾਣਾ ਸਦਰ ਖੰਨਾ ਅਤੇ ਖੁਸ਼ਵੰਤ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਝੜੌਦੀ ਥਾਣਾ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ ਨੂੰ ਲੁੱਟ-ਖੋਹ ਦੀ ਯੋਜਨਾ ਬਣਾਉਂਦੇ ਹੋਏ ਦੇਸੀ ਕੱਟਾ 315 ਬੋਰ ਸਮੇਤ ਕਾਰਤੂਸ, ਤਿੰਨ ਏਅਰ ਪਿਸਟਲ, ਵੱਡੀ ਕਿਰਪਾਨ, ਛੋਟੀ ਕਿਰਪਾਨ, ਦਾਹ, ਕਿਰਚ ਅਤੇ ਬੇਸਬਾਲ ਸਮੇਤ ਫੋਕਲ ਪੁਆਇੰਟ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕਰ ਲਿਆ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਨੇ ਪੁੱਛ-ਪੜਤਾਲ ਦੌਰਾਨ ਮੰਨਿਆ ਹੈ ਕਿ ਉਨ੍ਹਾਂ ਦੇ ਗਰੋਹ ਨੇ ਅਮਲੋਹ ਵਿਚ ਰਿਲਾਇੰਸ ਪੈਟਰੋਲ ਪੰਪ ਮਾਰੂ ਹਥਿਆਰਾਂ ਦੀ ਨੋਕ ’ਤੇ ਲੁੱਟਿਆ ਸੀ ਅਤੇ ਉਥੇ ਕੰਮ ਕਰਦੇ ਵਰਕਰਾਂ ਦੀ ਕੁੱਟਮਾਰ ਕਰਕੇ ਉਥੋਂ ਕਰੀਬ 5 ਲੱਖ 50 ਹਜ਼ਾਰ ਰੁਪਏ ਦੀ ਨਕਦੀ ਅਤੇ ਵਰਕਰਾਂ ਦੇ ਮੋਬਾਈਲ ਖੋਹੇ ਸਨ। ਉਨ੍ਹਾਂ ਦੱਸਿਆ ਕਿ ਸਾਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਸੀ, ਜਿਸ ’ਤੇ ਪੁਲੀਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨਾਲ ਕਥਿਤ ਦੋਸ਼ੀਆਂ ਦਾ ਮਿਲਾਨ ਕੀਤਾ ਗਿਆ। ਇਸ ਤੋਂ ਬਿਨਾਂ ਇਸ ਗਰੋਹ ਦੇ ਮੈਂਬਰਾਂ ਨੇ ਹੋਰ ਵੀ ਕਈ ਵਾਰਦਾਤਾਂ ਕੀਤੀਆਂ ਹਨ। ਮੁਲਜ਼ਮਾਂ ਵਲੋਂ ਵਾਰਦਾਤ ਦੌਰਾਨ ਵਰਤੇ ਗਏ ਤਿੰਨ ਮੋਟਰਸਾਈਕਲ ਸਮੇਤ ਪੰਪ ਤੋਂ ਲੁੱਟੀ ਹੋਈ ਰਕਮ ਵਿੱਚੋਂ 3 ਲੱਖ 70 ਹਜ਼ਾਰ 700 ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।