ਫੂਲਕਾ ਵੱਲੋਂ ‘ਆਪ’ ਤੋਂ ਅਸਤੀਫ਼ਾ

ਆਮ ਆਦਮੀ ਪਾਰਟੀ(ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਦਾਖ਼ਾ ਹਲਕੇ ਤੋਂ ਵਿਧਾਇਕ ਰਹੇ ਐੱਚ.ਐੱਸ ਫੂਲਕਾ ਨੇ ਅੱਜ ਪਾਰਟੀ ’ਚੋਂ ਅਸਤੀਫ਼ਾ ਦੇ ਦਿੱਤਾ। ਸ੍ਰੀ ਫੂਲਕਾ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪਿਆ। ਇਸ ਦੌਰਾਨ ‘ਆਪ’ ਦੀ ਪੰਜਾਬ ਇਕਾਈ ਦੇ ਮੁੱਖ ਆਗੂਆਂ ਨੇ ਅੱਜ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਬਾਰੇ ਰਣਨੀਤੀ ਵਿਚਾਰੀ ਗਈ। ਸੂਤਰਾਂ ਮੁਤਾਬਕ ਬੈਠਕ ਦੌਰਾਨ ਕਾਂਗਰਸ ਨਾਲ ਕਿਸੇ ਤਰ੍ਹਾਂ ਦੇ ਚੋਣ ਗੱਠਜੋੜ ਬਾਰੇ ਕੋਈ ਚਰਚਾ ਨਹੀਂ ਹੋਈ। ਉਂਜ ਪਾਰਟੀ ਨੇ ਪੰਜ ਲੋਕ ਸਭਾ ਉਮੀਦਵਾਰਾਂ ਦੇ ਨਾਂ ਤੈਅ ਕਰ ਲਏ ਹਨ। ਬਾਗ਼ੀ ਵਿਧਾਇਕਾਂ ਬਾਰੇ ਖ਼ਾਸ ਕਰਕੇ ਸ੍ਰੀ ਖਹਿਰਾ ਬਾਰੇ ਪਹਿਲਾਂ ਵਾਲਾ ਹੀ ਪੈਂਤੜਾ ਰਹੇਗਾ।
ਇਸ ਤੋਂ ਪਹਿਲਾਂ ਸ੍ਰੀ ਫੂਲਕਾ ਨੇ ਅੱਜ ਆਪਣਾ ਅਸਤੀਫ਼ਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ। ਸ੍ਰੀ ਫੂਲਕਾ ਨੇ ਕਿਹਾ ਕਿ ਉਹ ਅਸਤੀਫ਼ੇ ਦੇ ਕਾਰਨਾਂ ਬਾਰੇ ਭਲਕੇ 4 ਜਨਵਰੀ ਨੂੰ ਦਿੱਲੀ ਦੇ ਪ੍ਰੈਸ ਕਲੱਬ ਆਫ ਇੰਡੀਆ ਵਿੱਚ ਖੁਲਾਸਾ ਕਰਨਗੇ ਤੇ ਆਪਣੀਆਂ ਭਵਿੱਖੀ ਯੋਜਨਾਵਾਂ ਬਾਰੇ ਦੱਸਣਗੇ। ਚੇਤੇ ਰਹੇ ਕਿ ਸ੍ਰੀ ਫੂਲਕਾ ਦਾਖ਼ਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ। ਸ੍ਰੀ ਫੂਲਕਾ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਸਰਗਰਮੀਆਂ ਤੋਂ ਦੂਰ ਸਨ ਤੇ ਉਨ੍ਹਾਂ ’84 ਸਿੱੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ਜਿਸ ਵਿੱਚ ਸੱਜਣ ਕੁਮਾਰ ਨੂੰ ਤਾਉਮਰ ਕੈਦ ਦੀ ਸਜ਼ਾ ਹੋਈ ਹੈ, ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਂਜ ਸ੍ਰੀ ਫੂਲਕਾ ਦੇ ਅਸਤੀਫ਼ੇ ਨਾਲ ‘ਆਪ’ ਦੇ ਕਾਂਗਰਸ ਨਾਲ ਗੱਠਜੋੜ ਬਾਰੇ ਚੱਲ ਰਹੇ ਕਿਆਸਾਂ ਨੂੰ ਬਲ ਮਿਲਿਆ ਹੈ। ਦੂਜੇ ਪਾਸੇ ‘ਆਪ’ ਆਗੂ ਨਵਦੀਪ ਸੰਘਾ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਮੈਂਬਰ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸ੍ਰੀ ਫੂਲਕਾ ਨਾਲ ਇਸ ਬਾਰੇ ਗੱਲ ਕਰਨਗੇ।
ਉਧਰ ਸ੍ਰੀ ਕੇਜਰੀਵਾਲ ਨੇ ਅੱਜ ਪੰਜਾਬ ਦੀ ਲੀਡਰਸ਼ਿਪ ਨਾਲ ਮੁਲਾਕਾਤ ਦੌਰਾਨ ਪਾਰਟੀ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਗੁੱਸੇ-ਗਿਲੇ ਭੁੱਲ ਕੇ ਲੋਕਾਂ ਦੇ ਮੁੱਦਿਆਂ ਉਪਰ ਡੱਟ ਕੇ ਲੜਾਈ ਲੜਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਦਿੱਲੀ ਸਰਕਾਰ ਦੀ ਸਿਹਤ, ਸਿੱਖਿਆ, ਬਿਜਲੀ, ਪਾਣੀ ਤੇ ਲੋਕ ਭਲਾਈ ਯੋਜਨਾਵਾਂ ਦੀ ਹੋਮ ਡਲਿਵਰੀ ਵਰਗੇ ਕੰਮ ਖ਼ੁਦ ਅੱਖੀਂ ਦੇਖਣ। ਉਨ੍ਹਾਂ ਹਰ ਸਮੱਸਿਆ ਲਈ ਦੇਸ਼ ਦੇ ਭ੍ਰਿਸ਼ਟ ਸਿਆਸੀ ਤੰਤਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਅਕਾਲੀ ਦਲ ਅਤੇ ਭਾਜਪਾ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਕੈਪਟਨ ਸਰਕਾਰ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਲੋਕਾਂ ’ਚ ਇਸ ਧੋਖੇ ਖ਼ਿਲਾਫ਼ ਬੇਹੱਦ ਗ਼ੁੱਸਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਹੈ। ਮੀਟਿੰਗ ਵਿੱਚ ‘ਆਪ’ ਦੇ ਸਥਾਨਕ ਤੇ ਸੂਬਾ ਪੱਧਰੀ ਕਰੀਬ ਦੋ ਸੌ ਆਗੂਆਂ ਨੇ ਸ਼ਿਰਕਤ ਕੀਤੀ।