ਫੈਕਟਰੀ ਕਾਂਡ: ਪੀੜਤ ਪਰਿਵਾਰਾਂ ਵੱਲੋਂ 20-20 ਲੱਖ ਮੁਆਵਜ਼ੇ ਲਈ ਧਰਨਾ

ਪਿੰਡ ਉਗੋਕੇ ਵਿਚ ਗੱਦਾ ਫ਼ੈਕਟਰੀ ਵਿਚ ਅੱਗ ਲੱਗਣ ਕਾਰਨ ਮਰੇ ਤਿੰਨ ਨੌਜਵਾਨਾਂ ਦੇ ਪਰਿਵਾਰਾਂ ਨੇ ਇਨਸਾਫ਼ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸਹਿਯੋਗ ਨਾਲ ਫੈਕਟਰੀ ਅੱਗੇ ਧਰਨਾ ਲਾਇਆ ਤੇ 20-20 ਲੱਖ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਜਗਜੀਤ ਸਿੰਘ, ਸਿਕੰਦਰ ਸਿੰਘ ਤੇ ਸਾਧੂ ਸਿੰਘ ਦੇ ਵਾਰਸਾਂ ਲਈ ਇਕ-ਇਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਕੋਲੋਂ ਹਰ ਸੰਭਵ ਮਦਦ ਦਿਵਾਈ ਜਾਵੇਗੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਫੈਕਟਰੀ ਮਾਲਕ ਜਾਂ ਸਰਕਾਰ 20-20 ਲੱਖ ਰੁਪਏ ਮੁਆਵਜ਼ਾ ਦੇਵੇ। ਫੈਕਟਰੀ ਮਾਲਕਾਂ ਨੂੰ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਜਾਵੇ ਤੇ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਭਲਕੇ ਕੌਮੀ ਸ਼ਾਹਰਾਹ ਜਾਮ ਕੀਤਾ ਜਾਵੇਗਾ। ਇਸ ਮਗਰੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਨਾਲ ਵੀ ਮੁਲਾਕਾਤ ਕੀਤੀ ਤੇ ਮੰਗ ਪੱਤਰ ਦਿੱਤਾ। ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ, ਬਲਾਕ ਪ੍ਰੈੱਸ ਸਕੱਤਰ ਲਖਵੀਰ ਸਿੰਘ ਦੁੱਲਮਸਰ, ਕੁਲਵੰਤ ਸਿੰਘ, ਰਾਮ ਸਿੰਘ ਸ਼ਹਿਣਾ, ਸੰਦੀਪ ਸਿੰਘ ਲੱਡੂ, ਜਗਤਾਰ ਸਿੰਘ ਚੀਮਾ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬੁੱਕਣ ਸਿੰਘ ਸੱਦੋਵਾਲ, ਸਤਨਾਮ ਸਿੰਘ ਦੀਵਾਨਾ, ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ ਤੇ ਹਰਜੀਤ ਸਿੰਘ ਦੀਵਾਨਾ ਨੇ ਸੰਬੋਧਨ ਕੀਤਾ।