ਬਾਗੀ ਟਕਸਾਲੀ ਆਗੂਆਂ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਐਲਾਨ

ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੀਨੀਅਰ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਆਦਿ ਨੇ ਅੱਜ ਇਥੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੇਗੀ। ਇਸ ਦੌਰਾਨ ਪਾਰਟੀ ਦੀ ਸ਼ੁਰੂਆਤ ਲਈ 16 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ ਜਿਸ ਵਿਚ ਪਾਰਟੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।
ਟਕਸਾਲੀ ਆਗੂ ਅੱਜ ਇਥੇ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਤੇ ਨਿਰਾਸ਼ ਆਗੂਆਂ ਤੇ ਕਾਰਕੁਨਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਪੁੱਜੇ ਸਨ। ਨਵੀਂ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਮਰਹੂਮ ਅਕਾਲੀ ਆਗੂ ਮਨਜੀਤ ਸਿੰਘ ਕਲਕੱਤਾ ਦੇ ਬੇਟੇ ਗੁਰਪ੍ਰੀਤ ਸਿੰਘ ਕਲਕੱਤਾ, ਸਾਬਕਾ ਜ਼ਿਲਾ ਪ੍ਰਧਾਨ ਪ੍ਰਦੀਪ ਸਿੰਘ ਵਾਲੀਆ, ਸ੍ਰੀ ਅਕਾਲ ਤਖ਼ਤ ਦੇ ਮਰਹੂਮ ਜਥੇਦਾਰ ਚੇਤ ਸਿੰਘ ਦੇ ਬੇਟੇ ਤਰਲੋਚਨ ਸਿੰਘ ਸਮੇਤ ਜ਼ਿਲਾ ਅਕਾਲੀ ਜਥੇ ਦੇ ਹੋਰ ਸਾਬਕਾ ਆਗੂ ਤੇ ਕਾਰਕੁਨ ਸ਼ਾਮਲ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਸ੍ਰੀ ਬ੍ਰਹਮਪੁਰਾ ਨੇ ਆਖਿਆ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਣ ਦੀ ਸੰਭਾਵਨਾ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦਾ ਸਮਾਂ ਪੂਰਾ ਹੋ ਚੁੱਕਾ ਹੈ। ਜੇਕਰ ਚੋਣਾਂ ਕਰਾਉਣ ਵਿਚ ਅੜਿੱਕਾ ਖੜਾ ਕੀਤਾ ਗਿਆ ਤਾਂ ਉਹ ਇਸ ਸਬੰਧੀ ਕਾਨੂੰਨੀ ਚਾਰਾਜੋਈ ਵੀ ਕਰਨਗੇ। ਨਵੀਂ ਪਾਰਟੀ ਦੇ ਨਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਆਖਿਆ ਕਿ ਇਸ ਦਾ ਐਲਾਨ 16 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਤੋਂ ਕੀਤਾ ਜਾਵੇਗਾ। ਪ੍ਰਧਾਨ ਅਤੇ ਕਾਰਜਕਾਰਨੀ ਬਾਰੇ ਵੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਖੁਲਾਸਾ ਕੀਤਾ ਕਿ ਬਾਦਲ ਦਲ ਤੋਂ ਨਾਰਾਜ਼ ਤੇ ਨਿਰਾਸ਼ ਆਗੂਆਂ, ਕਾਰਕੁਨਾਂ ਅਤੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲਈ 16 ਦਸੰਬਰ ਨੂੰ ਲੋਕ ਵੱਡੀ ਗਿਣਤੀ ਵਿਚ ਸ੍ਰੀ ਅਕਾਲ ਤਖ਼ਤ ’ਤੇ ਪੁੱਜਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਵੀਂ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਹੀ ਹੋਵੇਗਾ ਪਰ ਇਸ ਨਾਲ ਜੋ ਨਾਂ ਜੋੜਿਆ ਜਾਵੇਗਾ, ਉਹ ਕਿਸੇ ਵਿਅਕਤੀ ਵਿਸ਼ੇਸ਼ ਦੇ ਨਾਂ ਨਾਲ ਸਬੰਧਤ ਨਹੀਂ ਹੋਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਦੇਵ ਸਿੰਘ ਢੀਂਡਸਾ ਦੀ ਸ਼ਮੂਲੀਅਤ ਬਾਰੇ ਉਨ੍ਹਾਂ ਆਖਿਆ ਕਿ ਫਿਲਹਾਲ ਇਸ ਬਾਰੇ ਕੁਝ ਨਹੀਂ ਕਹਿ ਸਕਦੇ, ਉਂਜ ਉਹ ਉਨ੍ਹਾਂ ਦੇ ਨਾਲ ਹਨ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਵਲੋਂ ਅਕਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਢਾਹ ਲਾਈ ਗਈ ਹੈ। ਬਿਨਾਂ ਮੁਆਫ਼ੀ ਮੰਗਿਆਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕਰਾਉਣਾ, ਬੇਅਦਬੀ ਘਟਨਾਵਾਂ ਅਤੇ ਬਰਗਾੜੀ ਗੋਲੀ ਕਾਂਡ ਸਾਧਾਰਨ ਗ਼ਲਤੀਆਂ ਨਹੀਂ ਬਲਕਿ ਬੱਜਰ ਪਾਪ ਹੈ ਜਿਸ ਨੂੰ ਬਖਸ਼ਿਆ ਨਹੀਂ ਜਾ ਸਕਦਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਹ ਪਹਿਲਾਂ ਵੀ ਅਜਿਹੇ ਲੋਕ ਅਤੇ ਪਾਰਟੀ ਵਿਰੋਧੀ ਫੈ਼ਸਲਿਆਂ ਖਿਲਾਫ਼ ਪਾਰਟੀ ਦੀਆਂ ਮੀਟਿੰਗਾਂ ਵਿਚ ਬੋਲਦੇ ਰਹੇ ਹਨ ਪਰ ਉਸ ਵੇਲੇ ਅਨੁਸ਼ਾਸਨ ਵਿਚ ਬੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਅਗਵਾਈ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਖਤਮ ਹੋ ਗਈ ਹੈ। ਇਸ ਤੋਂ ਪਹਿਲਾਂ ਡਾ. ਰਤਨ ਸਿੰਘ ਅਜਨਾਲਾ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਬਾਦਲਾਂ ਵਲੋਂ ਕੀਤੀ ਖਿਮਾ ਯਾਚਨਾ ਬਾਰੇ ਆਖਿਆ ਕਿ ਇਹ ਭੁੱਲਾਂ ਜਾਣੇ ਅਣਜਾਣੇ ਵਿਚ ਨਹੀਂ ਸਗੋਂ ਜਾਣਬੁੱਝ ਕੇ ਕੀਤੀਆਂ ਗਈਆਂ ਸਨ। ਇਹ ਭੁੱਲਾਂ ਨਹੀਂ ਸਗੋਂ ਪਾਪ ਹਨ ਜਿਨ੍ਹਾਂ ਨੂੰ ਨਾ ਸਿਰਫ ਗੁਰੂ ਸਗੋਂ ਲੋਕ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਉਹ ਪਾਰਟੀ ਦਾ ਪੁਰਾਤਨ ਸਰੂਪ ਅਤੇ ਸੰਵਿਧਾਨ ਮੁੜ ਕਾਇਮ ਕਰਨਗੇ।