ਬਾਬੇ ਨਾਨਕ ਦੇ ਪ੍ਰਕਾਸ਼ ਦਾ ਪੁਰਬ ਸ਼ੁਰੂ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕੀਤਾ ਉਦਘਾਟਨ;
ਗੁਰੂ ਨਾਨਕ ਦਾ ਅਸਲ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੱਕ ਪੂਰਾ ਸਾਲ ਭਰ ਲਈ ਚੱਲਣ ਵਾਲੇ ਸਮਾਗਮਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਗੁਰੂ ਸਾਹਿਬ ਦੇ 549ਵੇਂ ਪ੍ਰਕਾਸ਼ ਪੁਰਬ ’ਤੇ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਾਂਝੇ ਤੌਰ ਉੱਤੇ 150 ਕਰੋੜ ਦੀ ਲਾਗਤ ਵਾਲੇ 26 ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਸਟੇਜ ਤੋਂ ਬਟਨ ਦੱਬ ਕੇ ਰੱਖੇ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੇ ਸੰਬੋਧਨ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਕੀਤੀ ਜਾ ਰਹੀ ਕੋਸ਼ਿਸ਼ ਤੋਂ ਲੋਕ ਸੁਚੇਤ ਰਹਿਣ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਲ 2019 ’ਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਜਾਤ, ਰੰਗ, ਨਸਲ ਤੇ ਧਰਮ ਤੋਂ ਉੱਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਵਿਚ ਪੂਰੇ ਉਤਸ਼ਾਹ ਤੇ ਚਾਅ ਨਾਲ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਫਿਰਕਾਪ੍ਰਸਤੀ ਤੇ ਨਫਰਤ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉਠ ਕੇ ਅਜਿਹੇ ਸਮਾਗਮ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਕ ਹਨ। ਆਪਣੇ ਭਾਸ਼ਣ ਵਿਚ ਉਨ੍ਹਾਂ ਨੇ ਗੁਰਬਾਣੀ ਦੇ ਢੁਕਵੇਂ ਹਵਾਲਿਆਂ ਦੇ ਨਾਲ ਬਾਬੇ ਨਾਨਕ ਦੇ ਅਸਲ ਸੁਨੇਹੇ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਈ ਲਾਂਘੇ ਨੂੰ ਖੋਲ੍ਹੇ ਜਾਣ ਦੇ ਕੇਂਦਰ ਸਰਕਾਰ ਵੱਲੋਂ ਕੀਤੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ ਤੇ 26 ਨਵੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਇਸ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਭਰੇ ਹੁੰਗਾਰੇ ਲਈ ਉਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਯਕੀਨ ਦੁਆਇਆ ਕਿ ਪੰਜਾਬ ਸਰਕਾਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਆਪਣੀ ਸਰਕਾਰ ਵੱਲੋਂ ਇਹ ਸਮਾਰੋਹ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿਉਂਕਿ ਉਸ ਨੂੰ ਇਹ ਇਤਿਹਾਸਕ ਸਮਾਰੋਹ ਮਨਾਉਣ ਦਾ ਮੌਕਾ ਮਿਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਸਮਾਰੋਹ ਗੈਰ-ਸਿਆਸੀ ਅਤੇ ਬਗੈਰ ਪੱਖਪਾਤ ਤੋਂ ਮਨਾਵੇਗੀ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਸਮਾਰੋਹ ਮਨਾਉਣ ਲਈ ਸਭਨਾਂ ਲੋਕਾਂ ਨੂੰ ਸਿਆਸੀ ਅਤੇ ਹੋਰ ਵਖਰੇਵੇਂ ਛੱਡ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੀ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਮੌਕੇ ਹਾਜ਼ਰ ਸਨ ਅਤੇ ਉਨ੍ਹਾਂ ਨੇ ਦਿੱਲੀ ਅਧਾਰਤ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦੀ ਇਤਿਹਾਸ ਨੂੰ ਮੂਰਤੀਮਾਨ ਕਰਦੀ ਪ੍ਰਦਰਸ਼ਨੀ ‘ਰਬਾਬ ਤੋਂ ਨਗਾੜਾ’ ਦਾ ਉਦਘਾਟਨ ਵੀ ਕੀਤਾ। ਸਮਾਗਮ ਦੌਰਾਨ ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ, ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾ ਸੁਸਾਇਟੀ ਦੇ ਪ੍ਰਧਾਨ ਸੰਤ ਨਿਰਮਲ ਦਾਸ, ਨਿਹੰਗ ਜਥੇਬੰਦੀਆਂ ’ਚੋਂ ਬਾਬਾ ਬਲਬੀਰ ਸਿੰਘ ਤੇ ਹੋਰ ਮਹਾਂਪੁਰਸ਼ ਹਾਜ਼ਰ ਸਨ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕਮੁਾਰੀ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਾਧੂ ਸਿੰਘ ਧਰਮਸੋਤ, ਓਪੀ ਸੋਨੀ(ਸਾਰੇ ਕੈਬਨਿਟ ਮੰਤਰੀ) ਤੋਂ ਇਲਾਵਾ ਸੰਤ ਸਮਾਜ ਦੇ ਮੈਂਬਰ ਵੀ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਚੌਧਰੀ ਸੰਤੋਖ ਸਿੰਘ, ਨਵਤੇਜ ਸਿੰਘ ਚੀਮਾ, ਰਾਣਾ ਗੁਰਜੀਤ ਸਿੰਘ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਸਿੰਘ ਕੋਟਲੀ, ਰਮਨਜੀਤ ਸਿੰਘ ਸਿੱਕੀ, ਹਰਦੇਵ ਸਿੰਘ ਲਾਡੀ, ਸੁਸ਼ੀਲ ਕੁਮਾਰ ਰਿੰਕੂ ਵੀ ਹਾਜ਼ਰ ਰਹੇ।