ਬੇਅਦਬੀ ਕਾਂਡ: ਗਿਆਨੀ ਗੁਰਬਚਨ ਸਿੰਘ ਨੂੰ ਜਾਂਚ ’ਚ ਸ਼ਾਮਲ ਕਰਨ ਦੀ ਮੰਗ

ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਕੋਲੋਂ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਵੀ ਜਾਂਚ ’ਚ ਸ਼ਾਮਲ ਕਰਕੇ ਪੁੱਛਗਿੱਛ ਕੀਤੀ ਜਾਵੇ। ਇਹ ਮੰਗ ਸ਼੍ਰੋਮਣੀ ਅਕਾਲੀ ਦਲ ’ਚੋਂ ਫਾਰਗ ਕੀਤੇ ਗਏ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕੀਤੀ ਹੈ। ਉਸ ਨੇ ਅੱਜ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨਾਲ ਮੁਲਾਕਾਤ ਕੀਤੀ ਹੈ ਅਤੇ ਆਪਣੀ ਮੰਗ ਸਬੰਧੀ ਇਕ ਪੱਤਰ ਸੌਂਪਿਆ ਹੈ। ਸ੍ਰੀ ਬੋਨੀ ਨੇ ਆਖਿਆ ਕਿ ਆਈਜੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਸ ਮਾਮਲੇ ਵਿਚ ਨਿਆਂ ਕੀਤਾ ਜਾਵੇਗਾ ਅਤੇ ਲੋੜ ਮੁਤਾਬਕ ਕਿਸੇ ਵੀ ਵਿਅਕਤੀ ਕੋਲੋਂ ਪੁੱਛਗਿਛ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਜਾਂਚ ਟੀਮ ਵੱਲੋਂ ਇਸੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਘੇ ਕਲਾਕਾਰ ਅਕਸ਼ੈ ਕੁਮਾਰ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਇਹ ਵਿਸ਼ੇਸ਼ ਜਾਂਚ ਟੀਮ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਤੋਂ ਬਾਅਦ ਬਣਾਈ ਗਈ ਹੈ। ਸਾਬਕਾ ਅਕਾਲੀ ਵਿਧਾਇਕ ਵਲੋਂ ਦਿੱਤੇ ਗਏ ਪੱਤਰ ਵਿਚ ਉਨ੍ਹਾਂ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਤੰਬਰ 2015 ਵਿਚ ਮੁਆਫ਼ੀ ਦਿੱਤੇ ਜਾਣ ਨਾਲ ਹੀ ਇਹ ਸਾਰਾ ਮਾਮਲਾ ਜੁੜਿਆ ਹੋਇਆ ਹੈ। ਉਸ ਵਕਤ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਨ। ਉਨ੍ਹਾਂ ਦੋਸ਼ ਲਾਇਆ ਕਿ ਉਸ ਵੇਲੇ ਉਨ੍ਹਾਂ ਪੰਥਕ ਪ੍ਰੰਪਰਾਵਾਂ ਨੂੰ ਅੱਖੋਂ ਪਰੋਖੇ ਕਰਦੇ ਹੋਏ ਡੇਰਾ ਮੁਖੀ ਨੂੰ ਮੁਆਫੀ ਦਿੱਤੀ ਸੀ। ਸਿੱਖ ਸੰਗਤ ਦੇ ਵਿਰੋਧ ਕਾਰਨ ਹੀ ਮੁਆਫੀ ਦਾ ਫੈਸਲਾ ਵਾਪਸ ਲੈਣਾ ਪਿਆ ਸੀ। ਇਹ ਫੈਸਲਾ ਹੀ ਸਾਰੀਆਂ ਘਟਨਾਵਾਂ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਹ ਪਤਾ ਲਾਉਣ ਦੀ ਲੋੜ ਹੈ ਕਿ ਮੁਆਫੀ ਦੇਣ ਦੇ ਫੈਸਲੇ ਪਿੱਛੇ ਕਿਹੜੀਆਂ ਪੰਥ ਦੋਖੀ ਤਾਕਤਾਂ ਕੰਮ ਕਰ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਇਲਾਵਾ ਬਾਕੀ ਤਖਤਾਂ ਦੇ ਜਥੇਦਾਰਾਂ ਦਾ ਇਸ ਮਾਮਲੇ ਵਿਚ ਕੀ ਰੋਲ ਸੀ, ਇਹ ਵੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਨੂੰ ਬਹਿਬਲ ਕਲਾਂ ਗੋਲੀ ਕਾਂਡ ਨਾਲ ਜੋੜ ਕੇ ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਇਹ ਪਤਾ ਲੱਗੇਗਾ ਕਿ ਉਚ ਅਹੁਦਿਆਂ ’ਤੇ ਬੈਠੇ ਵਿਅਕਤੀਆਂ ਦੇ ਗੈਰ ਜ਼ਿੰਮੇਵਾਰ ਫੈਸਲਿਆਂ ਨਾਲ ਕਿੰਨਾ ਵੱਡਾ ਕੌਮੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਇਹ ਗੱਲ ਵੀ ਸਾਫ ਹੋ ਜਾਵੇਗੀ ਕਿ ਕੌਣ ਕਸੂਰਵਾਰ ਹੈ। ਉਨ੍ਹਾਂ ਜਾਂਚ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸਾਬਕਾ ਜਥੇਦਾਰ ਅਤੇ ਇਸ ਮਾਮਲੇ ਨਾਲ ਜੁੜੇ ਬਾਕੀ ਜਥੇਦਾਰ ਜਿਨ੍ਹਾਂ ਵੱਲੋਂ ਮੁਆਫ਼ੀ ਦਿੱਤੀ ਗਈ ਸੀ, ਨੂੰ ਵੀ ਜਾਂਚ ਮਾਮਲੇ ਵਿਚ ਸ਼ਾਮਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਇਸ ਮਾਮਲੇ ਵਿਚ ਸਾਬਕਾ ਜਥੇਦਾਰ ਨੂੰ ਜਾਂਚ ਕਮਿਸ਼ਨ ਨੂੰ ਸਹਿਯੋਗ ਦੇਣ ਲਈ ਆਖਿਆ ਗਿਆ ਸੀ ਪਰ ਉਸ ਵੇਲੇ ਇਸ ਦਾ ਸਖ਼ਤ ਵਿਰੋਧ ਹੋਇਆ ਸੀ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਸ ਕਮਿਸ਼ਨ ਨੂੰ ਰੱਦ ਕਰ ਦਿੱਤਾ ਸੀ। ਮੁਆਫ਼ੀ ਮਾਮਲੇ ਸਮੇਂ ਮੀਟਿੰਗ ਵਿਚ ਸ਼ਾਮਲ ਇਕ ਜਥੇਦਾਰ ਇਸ ਸਬੰਧ ਵਿਚ ਪਹਿਲਾਂ ਹੀ ਕਈ ਅਹਿਮ ਖੁਲਾਸੇ ਕਰ ਚੁੱਕਾ ਹੈ।