ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿਚ ਗੋਬਿੰਦ ਸਿੰਘ ਲੌਂਗੋਵਾਲ ਨੂੰ ਬਿਨਾਂ ਕਿਸੇ ਵਿਰੋਧ ਦੇ ਮੁੜ ਇਕ ਸਾਲ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰ ਨੇ ਬਹੁ ਗਿਣਤੀ ਮੈਂਬਰਾਂ ਉੱਤੇ ‘ਪੰਥ ਪ੍ਰਸਤ’ ਹੋਣ ਦੀ ਥਾਂ ‘ਬਾਦਲ ਪ੍ਰਸਤ’ ਹੋਣ ਦਾ ਦੋਸ਼ ਲਾਉਂਦਿਆਂ ਇਜਲਾਸ ਵਿਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸਬੰਧਤ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਉਨ੍ਹਾਂ ਨਾਲ ਕੀਤੇ ਦੁਰਵਿਹਾਰ ਦੇ ਰੋਸ ਵਜੋਂ ਇਜਲਾਸ ਵਿਚੋਂ ਵਾਕ ਆਊਟ ਕੀਤਾ। ਉਨ੍ਹਾਂ ਤੋਂ ਇਲਾਵਾ ਦੋ ਹੋਰ ਮੈਂਬਰਾਂ ਬਲਵਿੰਦਰ ਸਿੰਘ ਬੈਂਸ ਤੇ ਮਹਿੰਦਰ ਸਿੰਘ ਹੁਸੈਨਪੁਰ ਨੇ ਵੀ ਆਪਣੀ ਸੁਣਵਾਈ ਨਾ ਹੋਣ ਦੇ ਦੋਸ਼ ਹੇਠ ਇਜਲਾਸ ਵਿਚੋਂ ਵਾਕ ਆਊਟ ਕਰ ਦਿੱਤਾ।
ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸਿਰਫ 15 ਮਿੰਟ ਦੀ ਕਾਰਵਾਈ ਵਿਚ ਹੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਬਿਨਾਂ ਕਿਸੇ ਵਿਰੋਧ ਦੇ ਚੋਣ ਹੋ ਗਈ। ਸਮੁੱਚਾ ਇਜਲਾਸ ਸਿਰਫ ਇਕ ਘੰਟੇ ਵਿਚ ਸਮਾਪਤ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿਚ ਹੋਏ ਇਜਲਾਸ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁੜ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਵਜੋਂ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਵਜੋਂ ਬਿੱਕਰ ਸਿੰਘ ਚੰਨੋ ਅਤੇ ਜਨਰਲ ਸਕੱਤਰ ਵਜੋਂ ਗੁਰਬਚਨ ਸਿੰਘ ਕਰਮੂੰਵਾਲ ਚੁਣੇ ਗਏ ਹਨ। ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਵਿਚ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲੇ, ਭਾਈ ਮਨਜੀਤ ਸਿੰਘ, ਅਮਰੀਕ ਸਿੰਘ ਵਿਛੋਆ, ਖੁਸ਼ਵਿੰਦਰ ਸਿੰਘ ਭਾਟੀਆ, ਸ਼ਿੰਗਾਰਾ ਸਿੰਘ ਲੋਹੀਆਂ, ਜਰਨੈਲ ਸਿੰਘ ਕਰਤਾਰਪੁਰ, ਤਾਰਾ ਸਿੰਘ ਸੱਲਾ, ਭੁਪਿੰਦਰ ਸਿੰਘ ਭਲਵਾਨ, ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜਸਵੀਰ ਕੌਰ ਜਫਰਵਾਲ ਤੇ ਜਗਜੀਤ ਸਿੰਘ ਤਲਵੰਡੀ ਨੂੰ ਚੁਣਿਆ ਗਿਆ। ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲੌਂਗੋਵਾਲ ਨੇ ਆਖਿਆ ਕਿ ਇਸ ਵਰ੍ਹੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਅਤੇ ਇਕਜੁੱਟਤਾ ਨਾਲ ਮਨਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਉਹ ਪੰਜਾਬ ਸਰਕਾਰ ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਅਪੀਲ ਕਰਨਗੇ ਕਿ ਗੁਰਪੁਰਬ ਇਕ ਮੰਚ ਤੋਂ ਹੀ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਮਨਾਇਆ ਜਾਵੇ। ਇਸ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸੰਗਤ ਵਾਸਤੇ ਖੋਲ੍ਹਣ ਲਈ ਪਾਕਿਸਤਾਨ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਆਖਿਆ ਕਿ ਇਹ ਮਾਮਲਾ ਬੀਤੇ ਦਿਨ ਕੇਂਦਰੀ ਕਮੇਟੀ ਦੀ ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਵੀ ਰੱਖਿਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਜਲਦੀ ਹੀ ਇਕ ਵਫਦ ਪਾਕਿਸਤਾਨ ਭੇਜੇਗੀ, ਜਿਥੇ ਪਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਨਾਲ ਗੱਲਬਾਤ ਕਰਕੇ ਪਾਕਿਸਤਾਨ ਵਿਚ ਮਨਾਏ ਜਾਣ ਵਾਲੇ ਪ੍ਰੋਗਰਾਮ ਸਾਂਝੇ ਤੌਰ ‘ਤੇ ਮਨਾਉਣ ਬਾਰੇ ਗੱਲਬਾਤ ਕੀਤੀ ਜਾਵੇਗੀ। ਬਰਗਾੜੀ ਮੋਰਚੇ ਬਾਰੇ ਉਨ੍ਹਾਂ ਆਖਿਆ ਕਿ ਅੱਜ ਸਮੁੱਚੇ ਸਦਨ ਵੱਲੋਂ ਬਰਗਾੜੀ ਘਟਨਾ ਅਤੇ ਬੇਅਦਬੀ ਘਟਨਾਵਾਂ ਦੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਦੇ ਖੇਤਰ ਵਿਚ ਵੀ ਵਿਸ਼ੇਸ਼ ਉਪਰਾਲੇ ਕਰੇਗੀ ਤਾਂ ਜੋ ਨਵੀਂ ਪੀੜ੍ਹੀ ਅਤੇ ਪਤਿਤ ਹੋ ਰਹੇ ਸਿੱਖ ਨੌਜਵਾਨਾਂ ਨੂੰ ਮੁਖ ਧਾਰਾ ਨਾਲ ਜੋੜਿਆ ਜਾ ਸਕੇ। ਸਿੱਖ ਸੰਸਥਾ ਨਸ਼ਿਆਂ ਦੇ ਰੁਝਾਨ ਨੂੰ ਖਤਮ ਕਰਨ ਲਈ ਵੀ ਗੰਭੀਰਤਾ ਨਾਲ ਉਸਾਰੂ ਯਤਨ ਕਰੇਗੀ। ਉਪਰੰਤ ਉਨ੍ਹਾਂ ਅੱਜ ਚੁਣੇ ਗਏ ਨਵੇਂ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ੁਕਰਾਨਾ ਕੀਤਾ। ਇਸ ਤੋਂ ਪਹਿਲਾਂ ਇਜਲਾਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸਮੇਤ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਸ੍ਰੀ ਅਕਾਲ ਤਖਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਾਂਝੇ ਤੌਰ ‘ਤੇ ਸਾਰੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ। ਅੱਜ ਦੇ ਜਨਰਲ ਹਾਊਸ ਵਿਚ ਪ੍ਰਮੁੱਖ ਤੌਰ ਉੱਤੇ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਵਤਾਰ ਸਿੰਘ ਮੱਕੜ, ਅਲਵਿੰਦਰਪਾਲ ਸਿੰਘ ਪੱਖੋਕੇ ਤੇ ਹੋਰ ਹਾਜ਼ਰ ਸਨ। ਅੱਜ ਸਵੇਰੇ ਵਿਰੋਧੀ ਧਿਰ ਨਾਲ ਸਬੰਧਤ ਲਗਪਗ 15 ਮੈਂਬਰ ਸੁਖਦੇਵ ਸਿੰਘ ਭੌਰ ਦੀ ਅਗਵਾਈ ਹੇਠ ਇਥੇ ਪੁੱਜੇ ਸਨ ਪਰ ਉਨ੍ਹਾਂ ਨੇ ਮੀਟਿੰਗ ਮਗਰੋਂ ਇਜਲਾਸ ਵਿਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ। ਸ੍ਰੀ ਭੌਰ ਨੇ ਆਖਿਆ ਕਿ ਬਹੁ ਗਿਣਤੀ ਮੈਂਬਰ ਪੰਥ ਪ੍ਰਸਤ ਹੋਣ ਦੀ ਥਾਂ ‘ਬਾਦਲ ਪ੍ਰਸਤ’ ਹਨ। ਇਸ ਲਈ ਇਜਲਾਸ ਵਿਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ। ਅਜਿਹੀ ਸਥਿਤੀ ਵਿਚ ਚੋਣ ਇਜਲਾਸ ਵਿਚ ਜਾਣ ਦਾ ਕੋਈ ਲਾਭ ਨਹੀਂ। ਉਹ ਆਪਣੇ ਪੱਧਰ ‘ਤੇ ਹੀ ਸੀਮਤ ਸਾਧਨਾਂ ਰਾਹੀਂ ਪੰਥ ਪ੍ਰਸਤੀ ਦਾ ਹੋਕਾ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪਿਛਲੀ ਵਾਰ 2017 ਵਿਚ ਜਨਰਲ ਇਜਲਾਸ ਵਿਚ ਵਿਰੋਧੀ ਧਿਰ ਨੇ ਆਪਣੀ ਹੋਂਦ ਦਿਖਾਉਂਦਿਆਂ ਉਮੀਦਵਾਰ ਮੈਦਾਨ ਵਿਚ ਖੜ੍ਹੇ ਕੀਤੇ ਸਨ ਪਰ ਇਸ ਦੇ ਬਾਵਜੂਦ ਬਹੁ ਗਿਣਤੀ ਮੈਂਬਰਾਂ ਦੀ ਸੋਚ ਵਿਚ ਕੋਈ ਬਦਲਾਅ ਨਹੀਂ ਆਇਆ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅੱਜ ਦੇ ਜਨਰਲ ਇਜਲਾਸ ਵਿਚ ਕੁਲ 153 ਮੈਂਬਰ ਹਾਜ਼ਰ ਸਨ।
ਬੈਂਸ ਤੇ ਹੂਸੈਨਪੁਰ ਨੇ ਸ਼ੁਰੂਆਤ ਵਿਚ ਹੀ ਕੀਤਾ ਬਾਈਕਾਟ: ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਬੈਂਸ ਨੇ ਅਪੀਲ ਕੀਤੀ ਕਿ ਇਜਲਾਸ ਦੀ ਸ਼ੁਰੂਆਤ ਵਿਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਘਟਨਾਵਾਂ ਬਾਰੇ ਨਿੰਦਾ ਮਤਾ ਪਾਸ ਕੀਤਾ ਜਾਵੇ। ਉਹ ਵੀ ਇਹ ਦੋਸ਼ ਲਾਉਂਦੇ ਹੋਏ ਵਾਕ ਆਊਟ ਕਰਕੇ ਬਾਹਰ ਆ ਗਏ ਕਿ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ। ਉਨ੍ਹਾਂ ਨਾਲ ਇਕ ਹੋਰ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ ਵੀ ਸ਼ਾਮਲ ਸਨ। ਹਾਲ ਤੋਂ ਬਾਹਰ ਆ ਕੇ ਉਨ੍ਹਾਂ ਨੇ ਨਾਅਰੇ ਲਾ ਕੇ ਰੋਸ ਦਾ ਪ੍ਰਗਟਾਵਾ ਕੀਤਾ।
INDIA ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ