ਸਿੱਖਿਆ ਮੰਤਰੀ ਵੱਲੋਂ 104 ਅਧਿਆਪਕਾਂ ਤੇ 15 ਸਕੂਲਾਂ ਨੂੰ ਪੁਰਸਕਾਰ

ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਤਿਆਰ ਕੀਤੇ ‘ਬਲਿਊ ਪ੍ਰਿੰਟ’ ਤਹਿਤ ਇੱਕ ਹਜ਼ਾਰ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਹ ਦਾਅਵਾ ਸਿੱਖਿਆ ਮੰਤਰੀ ਓ ਪੀ ਸੋਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਨ ਜਾ ਰਹੀ ਹੈ, ਤਾਂ ਜੋ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲ ਸਕੇ। ਅਧਿਆਪਕ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਮੰਤਰੀ ਨੇ 104 ਅਧਿਆਪਕਾਂ ਅਤੇ 15 ਸਕੂਲਾਂ ਨੂੰ ਰਾਜ ਪੁਰਸਕਾਰ ਦਿੱਤੇ। ਉਨ੍ਹਾਂ ਐਲਾਨ ਕੀਤਾ ਕਿ ਅਗਲੇ ਵਿਦਿਅਕ ਸੈਸ਼ਨ ਤੋਂ 100 ਫ਼ੀਸਦੀ ਨਤੀਜੇ ਵਾਲੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦਾ ਵੀ ਸਰਕਾਰ ਵੱਲੋਂ ਸਨਮਾਨ ਕੀਤਾ ਜਾਵੇਗਾ।
ਅੱਜ ਇੱਥੇ ਆਈਵੀਵਾਈ ਵਰਲਡ ਸਕੂਲ ਵਿੱਚ ਰਾਜ ਪੱਧਰੀ ਅਧਿਆਪਕ ਦਿਵਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਵਚਨਬੱਧ ਹੈ। ਇਸ ਤਹਿਤ ਮੁੱਖ ਮੰਤਰੀ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰਾਂ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਵਚਨਬੱਧਤਾ ਨੂੰ ਸਫ਼ਲਤਾਪੂਰਬਕ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਦੇ 13000 ਸਰਕਾਰੀ ਸਕੂਲਾਂ ਵਿੱਚ 25 ਲੱਖ ਤੋਂ ਜ਼ਿਆਦਾ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਸਰਕਾਰ ਵੱਲੋਂ ਬੱਚਿਆਂ ਦੀ ਵਰਦੀ ’ਤੇ 86 ਕਰੋੜ, ਸਮਾਰਟ ਕਲਾਸਾਂ ’ਤੇ 64 ਕਰੋੜ ਰੁਪਏ, ਸੋਲਰ ਪੈਨਲਾਂ ’ਤੇ 30 ਕਰੋੜ ਰੁਪਏ, ਲਾਇਬ੍ਰੇਰੀ ਦੀਆਂ ਕਿਤਾਬਾਂ ’ਤੇ 5 ਕਰੋੜ, ਖੇਡਾਂ ਲਈ 18 ਕਰੋੜ ਰੁਪਏ, ਸੈਨੇਟਰੀ ਪੈਡਜ਼ ਲਈ 10 ਕਰੋੜ, ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 9 ਕਰੋੜ, ਗਰੀਨ ਬੋਰਡਾਂ ਲਈ 2 ਕਰੋੜ, ਕਲਾਸ ਰੂਮਾਂ ਲਈ 120 ਕਰੋੜ ਰੁਪਏ ਤੇ ਮਿੱਡ-ਡੇਅ ਮੀਲ ਤਹਿਤ 310 ਕਰੋੜ ਰੁਪਏ ਖ਼ਰਚੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਇਸ ਖੇਤਰ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਸਕੱਤਰ ਸਿੱਖਿਆ ਕ੍ਰਿਸ਼ਨ ਕੁਮਾਰ, ਡੀਜੀਐਸਈ ਪ੍ਰਸ਼ਾਂਤ ਕੁਮਾਰ ਗੋਇਲ ਅਤੇ ਡੀਪੀਆਈ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਵੀ ਸੰਬੋਧਨ ਕੀਤਾ।