ਸੁਰੇਸ਼ ਅਰੋੜਾ ਦੇ ਸੇਵਾਕਾਲ ਵਿੱਚ ਮਹੀਨੇ ਦਾ ਹੋਰ ਵਾਧਾ

ਪੰਜਾਬ ਪੁਲੀਸ ਦੇ ਮੁਖੀ ਸੁਰੇਸ਼ ਅਰੋੜਾ ਦੇ ਸੇਵਾਕਾਲ ਵਿੱਚ ਇੱਕ ਮਹੀਨੇ ਦਾ ਹੋਰ ਵਾਧਾ ਹੋ ਗਿਆ ਹੈ। ਸੂਤਰਾਂ ਮੁਤਾਬਕ ਸ੍ਰੀ ਅਰੋੜਾ ਹੁਣ 31 ਜਨਵਰੀ ਤੱਕ ਡੀਜੀਪੀ ਬਣੇ ਰਹਿਣਗੇ। ਉਨ੍ਹਾਂ ਦੀ 30 ਸਤੰਬਰ ਨੂੰ ਸੇਵਾਮੁਕਤੀ ਤੋਂ ਬਾਅਦ ਕੇਂਦਰ ਸਰਕਾਰ ਨੇ 31 ਦਸੰਬਰ ਤੱਕ ਸੇਵਾਕਾਲ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਵਿੱਚ ਸਿਖਰਲੀ ਅਦਾਲਤ ਦੇ ਫ਼ੈਸਲੇ ਸਬੰਧੀ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ’ਚ ਰਾਜ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਡੀਜੀਪੀ ਦੀ ਨਿਯੁਕਤੀ ਲਈ ਸੰਘ ਲੋਕ ਸੇਵਾ ਕਮਿਸ਼ਨ ਵੱਲੋਂ ਹੀ ਸੂਬਾਈ ਕਾਡਰ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਦੇ ਪੈਨਲ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਪੁਲੀਸ ਐਕਟ ’ਚ ਵੀ ਸੋਧ ਕਰ ਲਈ ਸੀ ਤੇ ਅਦਾਲਤ ਵਿੱਚ ਕੇਸ ਵੀ ਦਾਇਰ ਕਰ ਦਿੱਤਾ ਸੀ। ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 8 ਜਨਵਰੀ ਨੂੰ ਹੋਣੀ ਹੈ। ਇਸ ਲਈ ਅਦਾਲਤ ਨੇ ਵੀ ਇੱਕ ਮਹੀਨੇ ਦੇ ਸੇਵਾਕਾਲ ਵਾਧੇ ’ਤੇ ਮੋਹਰ ਲਾ ਦਿੱਤੀ ਹੈ। ਸ੍ਰੀ ਸੁਰੇਸ਼ ਅਰੋੜਾ ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਅਕਤੂਬਰ 2015 ਵਿੱਚ ਡੀਜੀਪੀ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਸੀ। ਸੱਤਾ ਤਬਦੀਲੀ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਇਸ ਅਹੁਦੇ ’ਤੇ ਕਾਇਮ ਰੱਖਿਆ ਹਾਲਾਂਕਿ ਕਾਂਗਰਸ ਪਾਰਟੀ ਦਾ ਵੱਡਾ ਧੜਾ ਸੁਰੇਸ਼ ਅਰੋੜਾ ਨੂੰ ਇਸ ਅਹੁਦੇ ਤੋਂ ਚਲਦਾ ਕਰਨ ਲਈ ਬੜੀ ਦੇਰ ਤੋਂ ਸਰਗਰਮ ਹੈ।