ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਭਲਕੇ ਸ੍ਰੀ ਹਰਿਮੰਦਰ ਸਾਹਿਬ ਆ ਰਹੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੌਮਾਂਤਰੀ ਪੱਧਰ ’ਤੇ ਸਿੱਖ ਹੱਕਾਂ ਨਾਲ ਜੁੜੇ ਮੁੱਦੇ ਉਨ੍ਹਾਂ ਸਾਹਮਣੇ ਰੱਖੇ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਵਲੋਂ ਪਾਕਿਸਤਾਨ ਨਾਲ ਲਗਦੀ ਸਰਹੱਦ ’ਤੇ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘੇ ਅਤੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਸ੍ਰੀ ਗੁਟੇਰੇਜ਼ ਸ਼ਾਮੀਂ ਲਗਪਗ ਪੰਜ ਵਜੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਣਗੇ। ਇਹ ਪਹਿਲਾ ਮੌਕਾ ਹੈ ਜਦੋਂ ਸੰਯੁਕਤ ਰਾਸ਼ਟਰ ਦਾ ਮੁਖੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਿੱਖਾਂ ਨਾਲ ਜੁੜੇ ਕੁਝ ਅੰਤਰਰਾਸ਼ਟਰੀ ਮੁੱਦਿਆਂ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਦਰਪੇਸ਼ ਸਿੱਖ ਸ਼ਨਾਖਤ, ਕਕਾਰਾਂ ਦੇ ਮੁੱਦੇ ਅਤੇ ਸਿੱਖਾਂ ’ਤੇ ਹੋ ਰਹੇ ਨਸਲੀ ਤੇ ਨਫ਼ਰਤੀ ਹਮਲਿਆਂ ਦੀ ਰੋਕਥਾਮ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ। ਉਨ੍ਹਾਂ ਆਖਿਆ ਕਿ ਇਹ ਮਨੁੱਖੀ ਹੱਕਾਂ ਦੀ ਰਾਖੀ ਨਾਲ ਜੁੜੇ ਮੁੱਦੇ ਹਨ ਅਤੇ ਇਸ ਸਬੰਧ ਵਿਚ ਵੱਖ ਵੱਖ ਮੁਲਕਾਂ ਦੀਆਂ ਸਰਕਾਰਾਂ ਨੂੰ ਭਾਰਤ ਸਰਕਾਰ ਰਾਹੀਂ ਕਈ ਵਾਰ ਮਾਮਲਾ ਹੱਲ ਕਰਨ ਦੀ ਅਪੀਲ ਵੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਸਿੱਖਾਂ ਦੇ ਮਨੁੱਖੀ ਹੱਕਾਂ ਦਾ ਘਾਣ ਹੋ ਰਿਹਾ ਹੈ। ਮਿਲੇ ਵੇਰਵਿਆਂ ਮੁਤਾਬਕ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧ ਵਿੱਚ ਇਕ ਯਾਦ ਪੱਤਰ ਵੀ ਸ੍ਰੀ ਗੁਟੇਰੇਜ਼ ਨੂੰ ਸੌਂਪਿਆ ਜਾਵੇਗਾ। ਇਸ ਦੌਰਾਨ, ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫ਼ੌਜ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਅਤੇ ਕੋਆਰਡੀਨੇਟਰ ਕੁਲਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਸ੍ਰੀ ਗੁਟੇਰੇਜ਼ ਦੀ ਆਮਦ ’ਤੇ ਉਨ੍ਹਾਂ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਦੀ ਗੱਲ ਕੀਤੀ ਜਾਵੇ। ਇਸੇ ਤਰ੍ਹਾਂ, ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੁਖੀ ਜਸਟਿਸ ਅਜੀਤ ਸਿੰਘ ਬੈਂਸ, ਪਰਮਜੀਤ ਕੌਰ ਖਾਲੜਾ, ਦਲਬੀਰ ਸਿੰਘ ਤੇ ਹੋਰਨਾਂ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਇਕ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ’ਤੇ ਜੂਨ 1984 ਵਿੱਚ ਹੋਏ ਫ਼ੌਜੀ ਹਮਲੇ ਸਾਕਾ ਨੀਲਾ ਤਾਰਾ ਅਤੇ ਪੰਜਾਬ ਵਿੱਚ ਹੋਏ ਝੂਠੇ ਮੁਕਾਬਲਿਆਂ ਦੀ ਜਾਂਚ ਕਰਾਈ ਜਾਵੇ।
INDIA ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਦੀ ਅੰਮ੍ਰਿਤਸਰ ਫੇਰੀ ਅੱਜ