550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ

ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਭਾਈ ਮਰਦਾਨਾ ਹਾਲ ਵਿਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ ਗਏ। ਇਹ ਸਿੱਕੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਡਾ. ਮਹੇਸ਼ ਸ਼ਰਮਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੇ। ਸੋਨੇ ਦੇ ਸਿੱਕੇ 10 ਗ੍ਰਾਮ ਅਤੇ 5 ਗ੍ਰਾਮ ਵਜ਼ਨ ਦੇ ਬਣਾਏ ਗਏ ਹਨ। ਇਸ ਲਈ 24 ਕੈਰੇਟ ਦਾ ਸੋਨਾ ਵਰਤਿਆ ਗਿਆ ਹੈ। ਇਸੇ ਤਰ੍ਹਾਂ ਚਾਂਦੀ ਦੇ ਸਿੱਕਿਆ ਦਾ ਵਜ਼ਨ 50 ਗ੍ਰਾਮ ਅਤੇ 25 ਗ੍ਰਾਮ ਦਾ ਹੈ। ਸਿੱਕਿਆਂ ਦੇ ਇਕ ਪਾਸੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਦੂਜੇ ਪਾਸੇ ਗੁਰਦੁਆਰਾ ਬੇਰ ਸਾਹਿਬ ਦੀ ਤਸਵੀਰ ਉਕਰੀ ਹੋਈ ਹੈ। ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਵਾਲੀਆਂ ਸ਼ਖ਼ਸੀਅਤਾਂ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਕੇਂਦਰੀ ਮੰਤਰੀ ਹਰਦੀਪ ਪੁਰੀ, ਮਹੇਸ਼ ਸ਼ਰਮਾ ਤੇ ਪੰਜਾਬ ਦੇ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਸਨ। ਭਾਈ ਮਰਦਾਨਾ ਹਾਲ ਵਿਚ ਚੱਲੇ ਸਮਾਗਮਾਂ ਦੌਰਾਨ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਜੀ ਨੇ ਦੁਨੀਆਂ ਨੂੰ ਨਿਰਮਲ ਵਿਚਾਰਧਾਰਾ ਨਾਲ ਜੋੜਿਆ, ਜਿਸ ਵਿਚੋਂ ਹੱਕ, ਸੱਚ, ਇਨਸਾਫ, ਬਰਾਬਰਤਾ, ਕਿਰਤ ਤੇ ਸਦਭਾਵਨਾ ਦਾ ਸੁਨੇਹਾ ਪ੍ਰਗਟ ਹੁੰਦਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ 550ਵੇਂ ਪ੍ਰਕਾਸ਼ ਪੁਰਬ ਤੱਕ ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ, ਗੁਰਦੁਆਰਾ ਗੁਰੂ ਡਾਂਗ ਮਾਰ ਸਾਹਿਬ ਸਿੱਕਿਮ ਤੇ ਜਗਨਨਾਥ ਪੁਰੀ ਸਥਿਤ ਗੁਰਦੁਆਰੇ ਦੇ ਨਿਰਮਾਣ ਲਈ ਯਤਨ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਇਸ ਬਾਰੇ ਤੁਰੰਤ ਫ਼ੈਸਲਾ ਲਵੇ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਸਲ ਵਿਚ ਯੁੱਗ ਪਲਟਾਊ ਵਿਚਾਰਧਾਰਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿਖਿਆਵਾਂ ਰੋਜ਼ਾਨਾ ਜੀਵਨ ’ਚ ਅਪਣਾਉਣ ਦੀ ਲੋੜ ਹੈ। ਇਸ ਤੋਂ ਇਲਾਵਾ ਸੰਤ ਸਮਾਜ ਦੇ ਪ੍ਰਧਾਨ ਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਵੀ ਸੰਬੋਧਨ ਕੀਤਾ। ਅੰਮ੍ਰਿਤਸਰ(ਪੱਤਰ ਪ੍ਰੇਰਕ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਵਿਚ ਸ਼ਰਧਾਲੂਆਂ ਦੀ ਭਾਰੀ ਆਮਦ ਰਹੀ। ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਚ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁਖ-ਸ਼ਾਂਤੀ ਲਈ ਅਰਦਾਸ ਕੀਤੀ। ਸੰਗਤ ਨੇ ਪਰਿਕਰਮਾ ਵਿਚ ਬੈਠ ਕੇ ਕੀਰਤਨ ਵੀ ਸਰਵਣ ਕੀਤਾ। ਅੱਜ ਇਸ ਸ਼ੁਭ ਦਿਹਾੜੇ ‘ਤੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਸਾਹਿਬ ਵਿਖੇ ਪਵਿੱਤਰ ਜਲੌਅ ਸਜਾਏ ਗਏ, ਜਿਥੇ ਸ਼ਰਧਾਲੂਆਂ ਦੇ ਵੇਖਣ ਲਈ ਭੇਟ ਕੀਤੀਆਂ ਇਤਿਹਾਸਕ ਵਸਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ।