550 ਸਾਲਾ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਮੌਕੇ ’ਤੇ ਵੀਜ਼ੇ ਦੇਣ ਦੀ ਮੰਗ

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਸਰਕਾਰ ਨੂੰ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸਿੱਖ ਸ਼ਰਧਾਲੂਆਂ ਨੂੰ ‘ਵੀਜ਼ਾ ਆਨ ਅਰਾਈਵਲ’ (ਮੌਕੇ ’ਤੇ ਵੀਜ਼ਾ) ਦਿੱਤਾ ਜਾਵੇ। ਉਹ ਅਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਸਰਨਾ ਅੱਜ ਪਾਕਿਸਤਾਨ ਦੌਰੇ ਤੋਂ ਪਰਤੇ ਹਨ।
ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਪਾਕਿਸਤਾਨ ਵਿੱਚ ਔਕਾਫ਼ ਬੋਰਡ ਅਤੇ ਪੀਜੀਪੀਸੀ ਦੇ ਮੈਂਬਰਾਂ ਨਾਲ ਵਿਸਥਾਰਤ ਗੱਲਬਾਤ ਹੋਈ ਹੈ। ਪਾਕਿਸਤਾਨੀ ਸਰਕਾਰ ਗੁਰਪੁਰਬ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਮਨਾਉਣਾ ਚਾਹੁੰਦੀ ਹੈ ਅਤੇ ਵਿਸ਼ਵ ਭਰ ਦੇ ਸਿੱਖਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਸੁਝਾਅ ਦਿੱਤਾ ਕਿ ਇਨ੍ਹਾਂ ਸਮਾਗਮਾਂ ਬਾਰੇ ਕੌਮਾਂਤਰੀ ਕਮੇਟੀ ਕਾਇਮ ਕੀਤੀ ਜਾਵੇ, ਜੋ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰੇਗੀ। ਸਮਾਗਮਾਂ ਲਈ ਵਿਸ਼ਵ ਭਰ ਤੋਂ ਸਿੱਖ ਬੁੱਧੀਜੀਵੀਆਂ ਨੂੰ ਸੱਦਿਆ ਜਾਵੇ ਤੇ ਸੰਗਤ ਲਈ ਨਨਕਾਣਾ ਸਾਹਿਬ ਵਿੱਚ ਟੈਂਟ ਸਿਟੀ ਦਾ ਵੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਅਧਿਕਾਰੀਆਂ ਨੇ ਇਨ੍ਹਾਂ ਸੁਝਾਵਾਂ ਬਾਰੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰੀਬ ਮਹੀਨਾ ਪਹਿਲਾਂ ਵਿਸ਼ਵ ਭਰ ਦੇ ਸਿੱਖਾਂ ਨੂੰ ਮੌਕੇ ’ਤੇ ਵੀਜ਼ੇ ਦੇਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਵੱਲੋਂ ਗੁਰਦੁਆਰਾ ਕਰਤਾਰਪੁਰ ਲਾਂਘੇ ਦੀ ਮੰਗ ਵੀ ਰੱਖੀ ਗਈ ਹੈ।
ਸਰਨਾ ਭਰਾਵਾਂ ਵੱਲੋਂ ਗੁਰਪੁਰਬ ਸਮਾਗਮ ਸਮੇਂ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਜਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਸਰਕਾਰ ਵਲੋਂ ਨਗਰ ਕੀਰਤਨ ਸਬੰਧੀ ਸਹਿਮਤੀ ਦਿੱਤੀ ਗਈ ਹੈ।
ਇਸ ਸਬੰਧੀ 2000 ਸਿੱਖ ਸ਼ਰਧਾਲੂਆਂ ਲਈ ਵੀਜ਼ੇ ਦੀ ਮੰਗ ਕੀਤੀ ਗਈ ਹੈ। ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਪੁੱਜਣ ਲਈ ਨਗਰ ਕੀਰਤਨ ਨੂੰ ਪੰਜ ਦਿਨ ਦਾ ਸਮਾਂ ਲੱਗੇਗਾ। ਉਨ੍ਹਾਂ ਆਖਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਇਸ ਮੌਕੇ ਇੱਕ ਡਾਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤਾ ਜਾਵੇਗਾ, ਜਿਸ ਦੇ ਇੱਕ ਪਾਸੇ ਨਨਕਾਣਾ ਸਾਹਿਬ ਦੀ ਤਸਵੀਰ ਹੋਵੇਗੀ।