ਕਾਂਗਰਸ ਦੇ ਇਸ਼ਾਰੇ ’ਤੇ ਤਿਆਰ ਹੋਈ ਰਣਜੀਤ ਸਿੰਘ ਰਿਪੋਰਟ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਈਸੜੂ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹੀ ਕੌਮਾਂ ਤਰੱਕੀ ਕਰਦੀਆਂ ਹਨ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਆਜ਼ਾਦੀ ਦਿਹਾੜੇ ’ਤੇ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਭੁਪਿੰਦਰ ਸਿੰਘ ਈਸੜੂ ਦੀ ਯਾਦ ਵਿੱਚ ਕਾਨਫਰੰਸ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ। ਸ੍ਰੀ ਬਾਦਲ ਨੇ ਕਾਂਗਰਸ ਦੀ ਕੈਪਟਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ’ਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਸ੍ਰੀ ਬਾਦਲ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਦੇ ਇਸ਼ਾਰੇ ’ਤੇ ਝੂਠੀ ਰਿਪੋਰਟ ਪੇਸ਼ ਕਰਕੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਪਰ ਸ਼ਹੀਦਾਂ ਦੇ ਸੁਪਨੇ ਹਾਲੇ ਤੱਕ ਸਾਕਾਰ ਨਹੀਂ ਹੋਏ। ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨਸ਼ਿਆਂ ਖ਼ਿਲਾਫ਼ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਬੰਧੀ ਝੂਠਾ ਪ੍ਰਚਾਰ ਕਰ ਰਹੀ ਹੈ ਜਦੋਂਕਿ ਪੰਜਾਬ ਵਿੱਚ ਕਿਸਾਨ ਪਹਿਲਾਂ ਨਾਲੋਂ ਵੱਧ ਕਰਜ਼ਈ ਹੋ ਗਏ ਹਨ ਤੇ ਖੁਦਕੁਸ਼ੀਆਂ ਕਰ ਰਹੇ ਹਨ। ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆਂ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪਾੜੋ ਅਤੇ ਰਾਜ ਕਰੋ ਦੀ ਨੀਤੀ ਆਪਣਾਈ ਹੈ ਅਤੇ ਧਾਰਮਿਕ ਸਥਾਨਾਂ ਨੂੰ ਕਥਿਤ ਢਹਿ-ਢੇਰੀ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਕਮਿਸ਼ਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਦੋਸ਼ੀ ਦੱਸਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਇਨ੍ਹਾਂ ਕੋਝੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਕੋਲੋਂ ਕਰਵਾਉਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।