ਕਰਤਾਰਪੁਰ ਸਾਹਿਬ ਲਾਂਘਾ: ਸਿੱਧੂ ਨੇ ਸੁਸ਼ਮਾ ਤੋਂ ਦਖ਼ਲ ਮੰਗਿਆ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਲਾਂਘਾ ਖੋਲ੍ਹਣ ਲਈ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਦੇ ਦਖ਼ਲ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਪੱਤਰ ਲਿਖਿਆ ਹੈ। ਮੀਡੀਆ ਨੂੰ ਇਸ ਪੱਤਰ ਦੀ ਕਾਪੀ ਜਾਰੀ ਕਰਦਿਆਂ ਸ੍ਰੀ ਸਿੱਧੂ ਨੇ ਵਿਦੇਸ਼ ਮੰਤਰੀ ਨੂੰ ਕਿਹਾ ਹੈ ਕਿ ਪਾਕਿਸਤਾਨ ਵੱਲੋਂ ਭਰੇ ਹੁੰਗਾਰੇ ਦਾ ਹਾਂ-ਪੱਖੀ ਜਵਾਬ ਦਿੰਦਿਆਂ ਇਸ ਕਾਰਜ ਨੂੰ ਸਿਰੇ ਚਾੜ੍ਹ ਕੇ ਕਰੋੜਾਂ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 1947 ਵਿੱਚ ਦੇਸ਼ ਦੀ ਵੰਡ ਮੌਕੇ ਨਾ ਸਿਰਫ਼ ਭੂਗੋਲਿਕ, ਆਰਥਿਕ, ਭਾਵਨਾਤਮਕ ਅਤੇ ਸਮਾਜਿਕ ਮੁਸ਼ਕਲਾਂ ਪੇਸ਼ ਆਈਆਂ ਬਲਕਿ ਜ਼ਿਆਦਾਤਰ ਇਤਿਹਾਸਕ ਗੁਰਦੁਆਰੇ ਵੀ ਪਾਕਿਸਤਾਨ ਵਿੱਚ ਰਹਿ ਗਏ। ਉਨ੍ਹਾਂ ਕਿਹਾ ਕਿ ਵੰਡ ਸਮੇਂ ਪਾਕਿਸਤਾਨ ਵਿੱਚ ਰਹਿ ਗਏ ਇਤਿਹਾਸਿਕ ਗੁਰਦੁਆਰਿਆਂ ਵਿੱਚੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਇਹ ਉਹ ਅਸਥਾਨ ਹੈ ਜਿੱਥੇ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਲਗਪਗ 18 ਸਾਲ ਬਿਤਾਏ। ਗੁਰਦੁਆਰਾ ਸਾਹਿਬ ਕੌਮਾਂਤਰੀ ਸਰਹੱਦ ਦੇ ਬਹੁਤ ਨਜ਼ਦੀਕ ਹੈ। ਸ੍ਰੀ ਸਿੱਧੂ ਨੇ ਪੱਤਰ ਵਿੱਚ ਕੇਂਦਰੀ ਮੰਤਰੀ ਨੂੰ ਕਿਹਾ ਕਿ ਭਾਰਤ ਵਿਚਲੇ ਸ਼ਰਧਾਲੂਆਂ ਦੀ ਅਜਿਹੀ ਭਾਵਨਾ ਹੈ ਕਿ ਉਹ ਭਾਰਤ ਦੇ ਡੇਰਾ ਬਾਬਾ ਨਾਨਕ ਖੇਤਰ ਵਿੱਚ ਸਰਹੱਦ ’ਤੇ ਸੀਮਾ ਸੁਰੱਖਿਆ ਬਲ ਦੁਆਰਾ ਵਿਵਸਥਿਤ ਦੂਰਬੀਨ ਜ਼ਰੀਏ ਇਸ ਪਵਿੱਤਰ ਅਸਥਾਨ ਦੀ ਝਾਕੀ ਲਈ ਰੋਜ਼ਾਨਾ ਸਰਹੱਦ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਗਲਿਆਰੇ ਦੀ ਮੰਗ ਪ੍ਰਤੀ ਸਾਕਾਰਾਤਮਕ ਰੁਖ਼ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਰੀਕ ਹੋਣ ਮੌਕੇ ਇਸ ਮੁੱਦੇ ਪ੍ਰਤੀ ਸਾਕਾਰਾਤਮਕ ਰੁਖ਼ ਵੇਖਣ ਨੂੰ ਮਿਲਿਆ ਸੀ। ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਹੁਣ ਸਪੱਸ਼ਟ ਕੀਤਾ ਹੈ ਕਿ ਗਲਿਆਰੇ ਖੋਲ੍ਹੇ ਜਾਣਗੇ ਅਤੇ ਗੁਰੂ ਨਾਨਕ ਦੇਵ ਦੇ 550ਵੇਂ ਜਨਮ ਦਿਹਾੜੇ ਨੂੰ ਮਨਾਉਣ ਦੇ ਹਿੱਸੇ ਵਜੋਂ ਵੀਜ਼ੇ ਦੀ ਵੀ ਲੋੜ ਵੀ ਨਹੀਂ ਪਵੇਗੀ ਅਤੇ ਸ਼ਰਧਾਲੂ ਬਿਨਾਂ ਵੀਜ਼ਾ ਕਾਰਵਾਈ ਦੇ ਹੀ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣਗੇ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਸਿੱਖ ਭਾਈਚਾਰੇ ਲਈ ਇਸ ਗਲਿਆਰੇ ਦਾ ਖੁੱਲਣਾ ਵੱਡੀ ਗੱਲ ਹੈ ਤੇ ਇਸ ਨਾਲ ਦੋਵਾਂ ਮੁਲਕਾਂ ਦਰਮਿਆਨ ਸ਼ਾਂਤੀ ਅਤੇ ਖੁਸ਼ਹਾਲੀ ਦਾ ਆਗਾਜ਼ ਹੋਵੇਗਾ।