ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਵਧਾਇਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਦੇ ਮਾਣ ਭੱਤੇ ਦੀ ਰਾਸ਼ੀ ਵਧਾ ਕੇ ਦੁੱਗਣੀ ਅਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ 3000 ਰੁਪਏ ਤੋਂ ਵਧਾ ਕੇ 4500 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਸ਼ਾ, ਆਂਗਣਵਾੜੀ ਵਰਕਰਾਂ ਨਾਲ ਨਰਿੰਦਰ ਮੋਦੀ ਐਪ ਅਤੇ ਵੀਡੀਓ ਲਿੰਕ ਜ਼ਰੀਏ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ 2250 ਰੁਪਏ ਸੀ, ਉਨ੍ਹਾਂ ਨੂੰ ਹੁਣ 3500 ਰੁਪਏ ਮਿਲਣਗੇ। ਆਂਗਣਵਾੜੀ ਸਹਾਇਕਾਂ ਨੂੰ 1500 ਰੁਪਏ ਦੀ ਥਾਂ ’ਤੇ 2250 ਰੁਪਏ ਮਿਲਣਗੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘‘ਇਹ ਵਧਿਆ ਹੋਇਆ ਮਾਣ ਭੱਤਾ ਅਗਲੇ ਮਹੀਨੇ ਯਾਨੀ ਇਕ ਅਕਤੂਬਰ ਤੋਂ ਲਾਗੂ ਹੋ ਜਾਵੇਗਾ।’’ ਉਨ੍ਹਾਂ ਜ਼ੋਰ ਦਿੱਤਾ ਕਿ ਇਹ ਵਧੀ ਰਾਸ਼ੀ ਕੇਂਦਰ ਸਰਕਾਰ ਦੇ ਹਿੱਸੇ ਦੀ ਹੈ। ਮੋਦੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਦੇ ਮਾਣ ਭੱਤੇ ਨੂੰ ਦੁੱਗਣਾ ਕਰਨ ਤੋਂ ਇਲਾਵਾ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੋਇਆ ਕਿ ਦੋ ਦੋ ਲੱਖ ਰੁਪਏ ਦੀਆਂ ਇਨ੍ਹਾਂ ਬੀਮਾ ਯੋਜਨਾਵਾਂ ਤਹਿਤ ਕੋਈ ਕਿਸ਼ਤ ਨਹੀਂ ਦੇਣੀ ਹੋਵੇਗੀ ਅਤੇ ਇਹ ਖ਼ਰਚ ਸਰਕਾਰ ਚੁੱਕੇਗੀ। ਇਥੇ ਦੱਸਣਯੋਗ ਹੈ ਕਿ ਸੰਸਦ ਵਿੱਚ ਵੱਖ ਵੱਖ ਪਾਰਟੀਆਂ ਦੇ ਮੈਂਬਰ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਨੂੰ ਵਧਾਉਣ ਦੀ ਮੰਗ ਕਰਦੇ ਆ ਰਹੇ ਹਨ।