ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੇਂਦਰ ਪਹਿਲ ਕਰੇ: ਸਿੱਧੂ

ਸੁਸ਼ਮਾ ਸਵਰਾਜ ਵੱਲੋਂ ਹਾਂ ਪੱਖੀ ਹੁੰਗਾਰੇ ਦਾ ਦਾਅਵਾ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਕਰਤਾਰਪੁਰ ਸਹਿਬ ਦੇ ਲਾਂਘੇ ਪ੍ਰਤੀ ਹਾਂ ਪੱਖੀ ਹੁੰਗਾਰਾ ਭਰੇ ਜਾਣ ਦਾ ਦਾਅਵਾ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਾਲ 15 ਕੁ ਮਿੰਟ ਦੀ ਮੀਟਿੰਗ ਦੌਰਾਨ ਜੋ ਗੱਲਬਾਤ ਹੋਈ ਉਸ ਤੋਂ ਇਹੀ ਸਿੱਟਾ ਸਾਹਮਣੇ ਆਉਂਦਾ ਹੈ ਕਿ ਕੇਂਦਰ ਸਰਕਾਰ ਕਰਤਾਰਪੁਰ ਸਹਿਬ ਦੇ ਲਾਂਘੇ ਪ੍ਰਤੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਸੱਦੇ ਦਾ ਇੰਤਜ਼ਾਰ ਕੀਤੇ ਬਿਨਾਂ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਪਾਕਿਸਤਾਨ ਸਰਕਾਰ ਨੂੰ ਤੁਰੰਤ ਪੱਤਰ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੀਆਂ ਇਮਰਾਨ ਖਾਨ ਨੇ ਸਾਰੀਆਂ ਧਿਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹਾਂ ਪੱਖੀ ਹੁੰਗਾਰਾ ਭਰਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਜਦੋਂ ਗੁਰਦੁਆਰਾ ਪਾਕਿਸਤਾਨ ਦੀ ਧਰਤੀ ’ਤੇ ਸਥਿਤ ਹੈ ਤਾਂ ਇਹੀ ਬਣਦਾ ਹੈ ਕਿ ਭਾਰਤ ਸਰਕਾਰ ਪਹਿਲਕਦਮੀ ਕਰੇ ਤਾਂ ਜੋ 10 ਕਰੋੜ ਨਾਨਕ ਨਾਮ ਲੇਵਾ ਸੰਗਤ ਦੀਆਂ ਉਮੀਦਾਂ ਪੂਰੀਆਂ ਹੋਣ। ਉਨ੍ਹਾਂ ਕਿਹਾ ਕਿ ਕੇਂਦਰੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨ ਸਮੇਂ ਸਾਬਕਾ ਕੇਂਦਰੀ ਮੰਤਰੀ ਡਾ. ਐਮਐਸ ਗਿੱਲ ਵੀ ਮੌਜੂਦ ਸਨ ਤੇ ਉਨ੍ਹਾਂ ਵਿਦੇਸ਼ ਮੰਤਰੀ ਨੂੰ ਇਹੀ ਕਿਹਾ ਹੈ ਕਰੋੜਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸ਼ਰਧਾ ਦਾ ਸਵਾਲ ਹੈ ਇਸ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਕੇਂਦਰੀ ਵਿਦੇਸ਼ ਮੰਤਰੀ ਨੇ ਵੀ ਇਹੀ ਭਰੋਸਾ ਦਿਵਾਇਆ ਕਿ ਪੱਤਰ ਦਾ ਖ਼ਰੜਾ ਤਿਆਰ ਕਰਨ ਲਈ ਆਖ਼ ਦਿੱਤਾ ਹੈ ਤੇ ਜਲਦੀ ਹੀ ਪੱਤਰ ਪਾਕਿਸਤਾਨ ਸਰਕਾਰ ਨੂੰ ਲਿਖ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਹਾਂ ਮੁਲਕਾਂ ਦਰਮਿਆਨ ਸ਼ਾਂਤੀ ਦਾ ਮਾਹੌਲ ਬਣਦਾ ਹੈ ਤਾਂ ਇਹ ਸਮੁੱਚੇ ਖਿੱਤੇ ਲਈ ਚੰਗਾ ਹੋਵੇਗਾ ਤੇ ਪੰਜਾਬ ਨੂੰ ਸਭ ਤੋਂ ਜ਼ਿਆਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਥਾਂ ’ਤੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਵਰ੍ਹੇ ਗੁਜ਼ਾਰੇ ਉਹ ਥਾਂ ਸਿੱਖਾਂ ਤੇ ਸਮੂਹ ਨਾਨਕ ਨਾਮ ਲੇਵਾ ਲੋਕਾਂ ਲਈ ਵੱਡਾ ਧਾਰਮਿਕ ਅਸਥਾਨ ਹੈ। ਉਨ੍ਹਾਂ ਕੇਂਦਰੀ ਮੰਤਰੀ ਹਰਸਿਮਤਰ ਕੌਰ ਬਾਦਲ ਦੇ ਬਿਆਨਾਂ ਸਬੰਧੀ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਸ੍ਰੀ ਸਿੱਧੂ ਨੇ ਕਿਹਾ ਕਿ ਇਸ ਪਵਿੱਤਰ ਕਾਜ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ, ‘‘ਇਹ ਸਾਂਝਾ ਮੁੱਦਾ ਹੈ ਤੇ ਪਹਿਲੇ ਦਿਨ ਤੋਂ ਮੈਂ ਆਪਣੇ ਸਟੈਂਡ ’ਤੇ ਕਾਇਮ ਹਾਂ ਅਤੇ ਨਿੰਦਕਾਂ ਦੀ ਲੰਮੀ ਉਮਰ ਦੀ ਦੁਆ ਕਰਦਾ ਹਾਂ।’’