ਇਕ-ਦੂਜੇ ਨੂੰ ਬੁਰਾ ਭਲਾ ਕਹਿੰਦੇ ‘ਚੰਗੇ’ ਬਣੇ ਕਾਂਗਰਸੀ-ਅਕਾਲੀ; ਬਰਗਾੜੀ ਇਕੱਠ ’ਚ ਅਗਾੜੀ

ਕੈਪਟਨ ਨੇ ਗਾਇਆ ਲੋਕ ਸਭਾ ਚੋਣਾਂ ਜਿੱਤਣ ਦਾ ਰਾਗ

ਕਾਂਗਰਸ ਪਾਰਟੀ ਨੇ ਅੱਜ ਲੋਕ ਸਭਾ ਚੋਣਾਂ ਦਾ ਬਾਦਲਾਂ ਦੇ ਗੜ੍ਹ ਲੰਬੀ ਤੋਂ ਬਿਗਲ ਵਜਾ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਰੈਲੀ ’ਚ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਨੂੰ ਜਿਤਾ ਕੇ ਪਾਰਟੀ ਨੂੰ ਕੌਮੀ ਪੱਧਰ ’ਤੇ ਦੇਸ਼ ਸੇਵਾ ਦਾ ਮੌਕਾ ਦੇਣ ਦਾ ਸੱਦਾ ਦਿੱਤਾ। ਰਿਕਾਰਡ ਤੋੜ ਇਕੱਠ ਵਾਲੀ ਰੈਲੀ ’ਚ ਭਾਵੇਂ ਨਵਾਂ ਕੋਈ ਐਲਾਨ ਨਹੀਂ ਹੋਇਆ ਪਰ ਕੈਪਟਨ ਨੇ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਕਰਜ਼ਿਆਂ ਸਬੰਧੀ ਆਪਣੀ ਸਰਕਾਰ ਦੀ ਡੇਢ ਸਾਲਾ ਕਾਰਗੁਜ਼ਾਰੀ ਸਬੰਧੀ ਰਿਪੋਰਟ ਕਾਰਡ ਜ਼ਰੂਰ ਪੇਸ਼ ਕੀਤਾ। ਰੈਲੀ ’ਚ ਕਾਂਗਰਸ ਲੀਡਰਸ਼ਿਪ ਨੇ ਬਾਦਲਾਂ ਉਪਰ ਪੰਥਕ ਅਤੇ ਸਿਆਸੀ ਮਸਲਿਆਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਕੈਪਟਨ ਨੇ ਲੋਕਸਭਾ ਚੋਣਾਂ ਲਈ ਪੰਜਾਬ ਕਾਂਗਰਸ ਦਾ ਮਿਸ਼ਨ-13 ਪੋਸਟਰ ਵੀ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਰੈਲੀ ਵਿੱਚੋਂ ਕਾਂਗਰਸੀ ਆਗੂ ਮਹੇਸ਼ਇੰਦਰ ਸਿੰੰਘ ਬਾਦਲ ਦੀ ਗੈਰ-ਹਾਜ਼ਰੀ ਵਰਕਰਾਂ ਅਤੇ ਸਿਆਸੀ ਹਲਕਿਆਂ ਨੂੰ ਰੜਕਦੀ ਰਹੀ। ਮਹੇਸ਼ਇੰਦਰ ਸਿੰਘ ਬਾਦਲ ਲੰਬੀ ਹਲਕੇ ’ਚ ਤਿੰਨ ਵਾਰ ਪ੍ਰਕਾਸ਼ ਸਿੰਘ ਬਾਦਲ ਨੂੰ ਫਸਵੀਂ ਟੱਕਰ ਦੇ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਦੇ ਬੇਅਦਬੀ ਮਾਮਲੇ ਅਤੇ ਇਸ ਤੋਂ ਬਾਅਦ ਵਾਪਰੀਆਂ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਕੋਰਾ ਝੂਠ ਬੋਲਣ ਦਾ ਦੋਸ਼ੀ ਠਹਿਰਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਹ ਇਸ ਸਮੁੱਚੇ ਘਟਨਾਕ੍ਰਮ ਦੌਰਾਨ ਸੁੱਤੇ ਹੋਏ ਸਨ ਜਦਕਿ ਤਤਕਾਲੀ ਡੀਜੀਪੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਬਾਦਲ ਦੇ ਇਸ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੀਜੀਪੀ ਨੇ ਉਸ ਰਾਤ 2 ਵਜੇ ਬਾਦਲ ਨਾਲ ਗੱਲਬਾਤ ਕੀਤੀ ਅਤੇ ਉਸ ਤੋਂ ਬਾਅਦ ਆਈਜੀ ਨਾਲ 22 ਵਾਰ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਬਾਦਲ ਪਿਉ-ਪੁੱਤ ਨੂੰ ਨਸ਼ਿਆਂ ਨਾਲ ਬਰਬਾਦ ਹੋ ਰਹੀ ਨੌਜਵਾਨ ਪੀੜ੍ਹੀ ਬਾਰੇ ਕੁਝ ਵੀ ਪਤਾ ਨਾ ਹੋਣਾ ਸ਼ਰਮਨਾਕ ਗੱਲ ਹੈ। ਅਕਾਲੀਆਂ ਨੂੰ ਰਗੜੇ ਲਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ 18 ਮਹੀਨਿਆਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਉਠਾਏ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਅਕਾਲੀਆਂ ਦਾ 10 ਸਾਲ ਦਾ ਸ਼ਾਸਨ ਕੁਸ਼ਾਸਨ ਸੀ। ਉਨ੍ਹਾਂ ਬਾਦਲ ਵੱਲੋਂ ਬੇਅਦਬੀ ਤੇ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ’ਤੇ ਆੜੇ ਹੱਥੀਂ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਬਾਦਲਾਂ ਜਾਂ ਕਿਸੇ ਹੋਰ ਖ਼ਿਲਾਫ ਸਿਆਸੀ ਬਦਲਾਖੋਰੀ ਵਿੱਚ ਸ਼ਾਮਲ ਨਹੀਂ ਹੋਣਗੇ ਪਰ ਉਨ੍ਹਾਂ ਐਲਾਨ ਕੀਤਾ ਕਿ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਵਿੱਚ ਜੋ ਕੋਈ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲੇਗੀ। ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕਰਜ਼ੇ ’ਚ ਡੁੱਬੇ ਕਿਸਾਨਾਂ ਦੀ ਸਾਰ ਨਾ ਲੈਣ ’ਤੇ ਸਖ਼ਤ ਆਲੋਚਨਾ ਕਰਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ 10.25 ਲੱਖ ਕਿਸਾਨਾਂ ਦਾ ਦੋ-ਦੋ ਲੱਖ ਰੁਪਏ ਤੱਕ ਦਾ ਫਸਲੀ ਕਰਜ਼ਾ ਮੁਆਫ਼ ਕਰਨ ਦੇ ਨਾਲ 337214 ਕਿਸਾਨਾਂ ਨੂੰ 2179 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾ ਚੁੱਕੀ ਹੈ। ਇਸ ਸਾਲ ਦੇ ਅੰਤ ਤੱਕ ਸਮੁੱਚੇ 10.5 ਲੱਖ ਸੀਮਾਂਤ ਅਤੇ ਛੋਟੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਕੀਮ ਦਾ ਲਾਭ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2017 ਵਿੱਚ ਪਿਛਲੇ ਸੀਜ਼ਨ ਨਾਲੋਂ ਅਨਾਜ ਦੀ ਖ਼ਰੀਦ 36 ਫੀਸਦੀ ਵੱਧ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ 3,93,320 ਨੌਜਵਾਨਾਂ ਨੂੰ ਨੌਕਰੀਆਂ/ਸਵੈ-ਰੋਜ਼ਗਾਰ ਦੇ ਮੌਕੇ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਆਰਥਿਕ ਏਜੰਡੇ ਦੀ ਕੀਮਤ ’ਤੇ ਟਰਾਂਸਪੋਰਟ, ਮੀਡੀਆ, ਰੇਤਾ ਅਤੇ ਬੱਜਰੀ ਦੇ ਕਾਰੋਬਾਰ ਦੀ ਅਜਾਰੇਦਾਰੀ ਬਣਾ ਕੇ ਸੂਬੇ ਦੀ ਆਰਥਿਕਤਾ ਤਬਾਹ ਕਰ ਦਿੱਤੀ। ਉਨ੍ਹਾਂ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’, ਪੰਜ ਲੱਖ ਰੁਪਏ ਦੀ ਸਿਹਤ ਬੀਮਾ ਸਕੀਮ ਅਤੇ 1500 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਐਲਾਨ ਵੀ ਕੀਤਾ।ਰੈਲੀ ਨੂੰ ਸੰਬੋਧਨ ਕਰਦਿਆਂ ਜੰਗਲਾਤ ਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਪਿਛਲੇ 10 ਸਾਲਾਂ ਵਿੱਚ ਪੰਜਾਬ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਬਾਦਲਾਂ ਦੇ ਨਾਮ ਦਾ ਸਫ਼ਾਇਆ ਹੋ ਜਾਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਕਾਸ਼ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਆਪਣੀ ਸੌੜੀ ਸੋਚ ਨਾਲ ਪੰਜਾਬ ਦੀ ਭਾਈਚਾਰਕ ਏਕਤਾ ਲਈ ਵੱਡਾ ਖਤਰਾ ਖੜ੍ਹਾ ਕਰ ਰਹੇ ਹਨ। ਉਨ੍ਹਾਂ ਬਾਦਲ ’ਤੇ ਦੋਸ਼ ਲਾਇਆ ਕਿ ਉਹ ਪੁੱਤਰ-ਮੋਹ ’ਚ ਆ ਕੇ ਸੁਖਬੀਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ’ਚੋਂ ਛੁਡਾ ਕੇ ਧਾਰਮਿਕ ਸਥਾਨਾਂ ਦੀ ਸਿਆਸੀ ਵਰਤੋਂ ਅਤੇ ਸ਼ੋਸ਼ਣ ਨੂੰ ਠੱਲ੍ਹ ਪਾਉਣ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਅਕਾਲੀ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਨਾਂ ’ਤੇ ਲੁਟਾਏ ਜਾ ਰਹੇ 1450 ਕਰੋੜ ਬਚਾਉਣ ਦਾ ਮੁੱਢ ਬੱਝਿਆ ਅਤੇ 250 ਕਰੋੜ ਸੇਵਾ ਕੇਂਦਰਾਂ ਤੋਂ ਸਰਕਾਰੀ ਖਜ਼ਾਨੇ ਨੂੰ ਕਮਾ ਕੇ ਦਿੱਤੇ। ਉਨ੍ਹਾਂ ਆਖਿਆ ਕਿ ਕਾਂਗਰਸ ਰੈਲੀ ਨੂੰ ਮਿਲਿਆ ਜਨਤਕ ਹੁੰਗਾਰਾ ਬਾਦਲਾਂ ਦੇ ਸਾਮਰਾਜ ਦੇ ਪਤਨ ਦਾ ਸਪੱਸ਼ਟ ਸੰਕੇਤ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਰੈਲੀ ਮੌਕੇ ਲੰਬੀ ਦੇ ਕਾਂਗਰਸੀਆਂ ਦਾ ਦਰਦ ਸੁਣਾਉਂਦਿਆਂ ਅਣਖ ਦੀ ਲੜਾਈ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਸਾਥ ਦੇਣ ਦਾ ਐਲਾਨ ਕੀਤਾ। ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਦਲਾਂ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਸੂਬੇ ’ਚ ਬੇਅਦਬੀ ਦੀਆਂ ਘਟਨਾਵਾਂ ਦੇ ਜ਼ਿੰਮੇਵਾਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਕਰਨੋਂ ਅਸਫ਼ਲ ਰਹੇ। ਇਸ ਮੌਕੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਕੱਤਰ ਹਰੀਸ਼ ਚੌਧਰੀ, ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ ਆਦਿ ਹਾਜ਼ਰ ਸਨ।