ਸਾਂਝੇ ਅਧਿਆਪਕ ਮੋਰਚੇ ਨੇ ਕੈਬਨਿਟ ਮੰਤਰੀਆਂ ਦੇ ਪੁਤਲੇ ਫੂਕੇ

ਸਾਂਝਾ ਅਧਿਆਪਕ ਮੋਰਚੇ ਦੀ ਅਗਵਾਈ ਵਿਚ ਚੱਲ ਰਿਹਾ ਅਧਿਆਪਕਾਂ ਦਾ ਸੰਘਰਸ਼ ਦਿਨੋ ਦਿਨ ਤਿੱਖਾ ਹੁੰਦਾ ਜਾ ਰਿਹਾ ਹੈ। ਅੱਜ ਮਾਨਸਾ ਦੇ ਗੁਰੂਦੁਆਰਾ ਚੌਕ ਵਿੱਚ ਕੈਬਨਿਟ ਮੰਤਰੀਆਂ ਦਾ ਰਾਵਣ ਬਣਾ ਕੇ ਸਾੜਿਆ ਗਿਆ। ਅਧਿਆਪਕਾਂ ਨੇ ਇਸ ਮੌਕੇ ਨੌਂ ਫੁੱਟ ਉੱਚਾ ਪੁਤਲਾ ਫੂਕਿਆ, ਜਿਸ ਉੱਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਓਪੀ ਸੋਨੀ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਕਾਂਗੜ, ਨਵਜੋਤ ਸਿੰਘ ਸਿੱਧੂ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ। ਇਸ ਤੋਂ ਪਹਿਲਾਂ ਸਥਾਨਕ ਬਾਲ ਭਵਨ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਅਧਿਆਪਕਾਂ ਦੇ ਪਰਿਵਾਰਾਂ ਨੇ ਰੈਲੀ ਕੀਤੀ। ਰੈਲੀ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਧਾਲੀਵਾਲ, ਅਮੋਲਕ ਡੇਲੂਆਣਾ ਮਨੋਹਰ ਦਾਸ ਆਦਿ ਨੇ ਵੀ ਸੰਬੋਧਨ ਕੀਤਾ।