ਹੱਲੋਮਾਜਰਾ ਵਿੱਚ ਦੀਵਾਲੀ ਵਾਲੇ ਦਿਨ ਪੁਲੀਸ ਵੱਲੋਂ ਮਾਰੇ ਛਾਪੇ ਦੌਰਾਨ 24 ਸਾਲਾਂ ਦਾ ਨੌਜਵਾਨ ਘਰ ਦੀ ਛੱਤ ਤੋਂ ਡਿੱਗ ਪਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਯੂਟੀ ਪੁਲੀਸ ਦੇ ਦੋ ਕਰਮਚਾਰੀਆਂ ਮਨਜੀਤ ਅਤੇ ਅਜੇ ’ਤੇ ਨੌਜਵਾਨ ਨੂੰ ਛੱਤ ਤੋਂ ਧੱਕੇ ਦੇਣ ਦੇ ਦੋਸ਼ ਲਗਾਏ ਹਨ। ਇਸੇ ਦੌਰਾਨ ਸਥਾਨਕ ਲੋਕਾਂ ਨੇ ਸੈਕਟਰ-31 ਦੇ ਥਾਣੇ ਦਾ ਘਿਰਾਓ ਕੀਤਾ ਅਤੇ ਪੁਲੀਸ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਨੌਜਵਾਨ ਦੀ ਮੌਤ ਮਗਰੋਂ ਦੋਵੇਂ ਪੁਲੀਸ ਕਰਮਚਾਰੀ ਮੌਕੇ ’ਤੋਂ ਫਰਾਰ ਹੋ ਗਏ। ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਰੋਹਿਤ ਉਰਫ਼ ਰਾਹੁਲ ਉਰਫ਼ ਬਿੱਟੂ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਮੌਜੂਦਾ ਸਮੇਂ ਹੱਲੋਮਾਜਰਾ ਦੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਉਹ ਇਥੇ ਆਪਣੇ ਮਾਮੇ ਨਾਲ ਰਹਿ ਰਿਹਾ ਸੀ। ਘਟਨਾ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਡੀਐੱਸਪੀ (ਸਾਊਥ) ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਹੱਲੋਮਾਜਰਾ ਵਿੱਚ ਕੁਝ ਨੌਜਵਾਨ ਜੂਆ ਖੇਡ ਰਹੇ ਹਨ। ਮੁਲਜ਼ਮਾਂ ਨੂੰ ਕਾਬੂ ਕਰਨ ਲਈ ਜਦੋਂ ਪੁਲੀਸ ਨੇ ਇੱਕ ਘਰ ਵਿੱਚ ਛਾਪਾ ਮਾਰਿਆ ਤਾਂ ਉਥੇ 17 ਨੌਜਵਾਨ ਜੂਆ ਖੇਡ ਰਹੇ ਸਨ। ਪੁਲੀਸ ਨੂੰ ਵੇਖਦਿਆਂ ਹੀ ਨੌਜਵਾਨਾਂ ਵਿੱਚ ਭੱਗਦੜ ਮੱਚ ਗਈ। ਇਸ ਦੌਰਾਨ ਇੱਕ ਨੌਜਵਾਨ ਛੱਤ ਤੋਂ ਡਿੱਗ ਪਿਆ ਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਦੇ ਸਬੰਧ ਵਿੱਚ ਪੂਰਵਾਂਚਲ ਵਿਕਾਸ ਮਹਾਸੰਘ ਟ੍ਰਾਈਸਿਟੀ ਦੇ ਪ੍ਰਧਾਨ ਏਐੱਸ ਤਿਵਾੜੀ ਨੇ ਨੌਜਵਾਨ ਨੂੰ ਕਥਿਤ ਤੌਰ ’ਤੇ ਧੱਕਾ ਮਾਰਨ ਦੇ ਦੋਸ਼ ਤਹਿਤ ਪੁਲੀਸ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਰੋਹਿਤ ਆਪਣੇ ਸਾਥੀਆਂ ਨਾਲ ਘਰ ਦੀ ਛੱਤ ’ਤੇ ਤਾਸ਼ ਖੇਡ ਰਿਹਾ ਸੀ। ਇਸੇ ਦੌਰਾਨ ਦੋ ਪੁਲੀਸ ਕਰਮਚਾਰੀ ਮੌਕੇ ’ਤੇ ਪੁੱਜੇ ਤੇ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਨੌਜਵਾਨ ਜੂਆ ਖੇਡ ਰਹੇ ਹਨ। ਪੁਲੀਸ ਕਰਮਚਾਰੀਆਂ ਨੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਧੱਕਾ-ਮੁੱਕੀ ਦੌਰਾਨ ਰੋਹਿਤ ਛੱਤ ਤੋਂ ਹੇਠਾਂ ਡਿੱਗ ਪਿਆ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲੀਸ ਮੁਲਾਜ਼ਮਾਂ ਨੇ ਰੋਹਿਤ ਨੂੰ ਧੱਕਾ ਦੇ ਕੇ ਛੱਤ ਤੋਂ ਹੇਠਾਂ ਸੁੱਟਿਆ ਹੈ। ਉਸ ਨੂੰ ਸੈਕਟਰ-32 ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੁਖੀ ਗੁਰਜੀਤ ਕੌਰ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੈਜਿਸਟਰੇਟ ਤੋਂ ਘਟਨਾ ਦੀ ਜਾਂਚ ਕਰਵਾਉਣ ਸਬੰਧੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਡੀਐੱਸਪੀ ਦੀ ਅਗਵਾਈ ਹੇਠ ਟੀਮ ਵੱਲੋਂ ਕੀਤੀ ਜਾ ਰਹੀ ਹੈ ਅਤੇ ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ।
INDIA ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ