ਸ਼੍ਰੋਮਣੀ ਕਮੇਟੀ ਨੇ ਡਾ. ਕਿਰਪਾਲ ਸਿੰਘ ਨੂੰ ਸਿੱਖ ਇਤਿਹਾਸ ਪ੍ਰਾਜੈਕਟ ਤੋਂ ਲਾਂਭੇ ਕੀਤਾ

ਸਿੱਖ ਇਤਿਹਾਸ ਨਾਲ ਛੇੜਛਾੜ ਮਾਮਲੇ ਵਿੱਚ ਕਾਂਗਰਸ ਸਰਕਾਰ ਖਿਲਾਫ ਦਿੱਤੇ ਗਏ 48 ਘੰਟਿਆਂ ਦੇ ਰੋਸ ਧਰਨੇ ਮਗਰੋਂ ਅੱਜ ਅਗਲੀ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਸਬੰਧ ਵਿਚ ਅਗਲੀ ਰਣਨੀਤੀ ਉਲੀਕਣ ਵਾਸਤੇ ਸ਼੍ਰੋਮਣੀ ਕਮੇਟੀ ਵਲੋਂ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਿੱਖ ਜਥੇਬੰਦੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਇਸ ਸਬੰਧੀ ਵੇਰਵਿਆਂ ਤੋਂ ਜਾਣੂੰ ਕਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨੂੰ ਦੱਸਿਆ ਕਿ ਅੱਜ ਹੋਈ ਮੀਟਿੰਗ ਵਿਚ ਸਮੂਹ ਸਿੱਖ ਜਥੇਬੰਦੀਆਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਗਿਆਰਵੀਂ ਤੇ ਬਾਰਵੀਂ ਜਮਾਤ ਦੀਆਂ ਇਤਿਹਾਸ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੇ ਜਾਣ ਦੀ ਸਮੂਹਿਕ ਰੂਪ ਵਿਚ ਨਿੰਦਾ ਕੀਤੀ ਗਈ। ਸਮੂਹ ਜਥੇਬੰਦੀਆਂ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੂੰ ਸਿੱਖ ਜਗਤ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਸਿੱਖ ਇਤਿਹਾਸ ਨੂੰ ਵਿਗਾੜਨ ਵਾਲਿਆਂ ਖਿਲਾਫ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਸਮੂਹ ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਇਸ ਸਬੰਧ ’ਚ 13 ਨਵੰਬਰ ਨੂੰ ਅਹੁਦੇਦਾਰਾਂ ਦੀ ਚੋਣ ਲਈ ਹੋਣ ਵਾਲੇ ਜਨਰਲ ਇਜਲਾਸ ਵਿਚ ਇਹ ਮਾਮਲਾ ਰੱਖੇਗੀ ਜਿਸ ਵਿਚ ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਵਿਚਾਰ ਚਰਚਾ ਵੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਸਿੱਖ ਇਤਿਹਾਸਕਾਰ ਡਾ. ਕਿਰਪਾਲ ਸਿੰਘ ਕੋਲੋਂ ਸ਼੍ਰੋਮਣੀ ਕਮੇਟੀ ਵਲੋਂ ਸੌਂਪੀਆਂ ਸੇਵਾਵਾਂ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਸਿੱਖ ਇਤਿਹਾਸ ਸਰੋਤ ਸੰਪਾਦਨਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵਲੋਂ ਇਤਿਹਾਸ ਦੇ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਹੋ ਰਹੀ ਛੇੜਛਾੜ ਬਾਰੇ ਡਾ. ਕਿਰਪਾਲ ਸਿੰਘ ਨੂੰ ਪੱਤਰ ਭੇਜ ਕੇ ਜਾਣੂ ਕਰਾਇਆ ਸੀ ਪਰ ਇਸ ਦੇ ਬਾਵਜੂਦ ਸਿਲੇਬਸ ਵਿਚ ਕੋਈ ਸੋਧ ਨਹੀਂ ਕੀਤੀ ਗਈ। ਰੋਸ ਵਜੋਂ ਸ਼੍ਰੋਮਣੀ ਕਮੇਟੀ ਨੇ ਸਿਲੇਬਸ ਕਮੇਟੀ ਵਿਚੋਂ ਆਪਣੇ ਦੋਵੇਂ ਨੁਮਾਇੰਦੇ ਵਾਪਸ ਲੈ ਲਏ ਸਨ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਮਾਮਲੇ ਵਿਚ ਡਾ. ਕਿਰਪਾਲ ਸਿੰਘ ਸਿਲੇਬਸ ਕਮੇਟੀ ਦੇ ਬਤੌਰ ਚੇਅਰਮੈਨ ਲਾਪਰਵਾਹੀ ਵਰਤਣ ਦੇ ਦੋਸ਼ੀ ਹਨ। ਉਨ੍ਹਾਂ ਨੂੰ ਇਸ ਮਾਮਲੇ ਵਿਚ ਸਿੱਖ ਜਗਤ ਕੋਲੋਂ ਖਿਮਾ ਯਾਚਨਾ ਕਰਨੀ ਚਾਹੀਦੀ ਸੀ ਪਰ ਉਨ੍ਹਾਂ ਗਲਤੀਆਂ ਕਰਨ ਵਾਲਿਆਂ ਦਾ ਪੱਖ ਪੂਰ ਕੇ ਬੱਜਰ ਗਲਤੀ ਕੀਤੀ ਹੈ।
ਇਸ ਤੋਂ ਪਹਿਲਾਂ ਲਗਪਗ ਤਿੰਨ ਘੰਟੇ ਚੱਲੀ ਮੀਟਿੰਗ ਵਿਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਜਗਜੀਤ ਸਿੰਘ, ਬਾਬਾ ਤੇਜਾ ਸਿੰਘ ਨਿਰਮਲੇ ਸੰਪਰਦਾ, ਬੁੱਢਾ ਦਲ ਵਲੋਂ ਭਾਈ ਸੁਖਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਿੱਖ ਵਿਦਵਾਨ ਡਾ. ਪਰਮਵੀਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ।