ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ’ਤੇ ਆਧਾਰਿਤ ਸਫ਼ਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਆਏ ਸੈਂਕੜੇ ਸਫਾਈ ਸੇਵਕਾਂ ਨੇ ਅੱਜ ਇਥੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਰੈਲੀ ਕੀਤੀ। ਉਪਰੰਤ, ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਵੱਲ ਰੋਸ ਮਾਰਚ ਕੀਤਾ ਪਰ ਪੁਲੀਸ ਨੇ ਉਨ੍ਹਾਂ ਨੂੰ ਮਹਿਲ ਤੋਂ ਪਿਛਾਂਹ ਹੀ ਫੁਹਾਰਾ ਚੌਕ ’ਤੇ ਰੋਕ ਲਿਆ। ਇਸ ਦੌਰਾਨ ਮੁਜ਼ਾਹਰਾਕਾਰੀਆਂ ਦੀ ਪੁਲੀਸ ਨਾਲ ਧੱਕਾ ਮੁੱਕੀ ਵੀ ਹੋਈ। ਰੋਸ ਵਿੱਚ ਆਏ ਮੁਜ਼ਾਹਰਾਕਾਰੀ ਉਥੇ ਹੀ ਧਰਨਾ ਮਾਰ ਕੇ ਬੈਠ ਗਏ ਤੇ ਸੜਕੀ ਆਵਾਜਾਈ ਠੱਪ ਕਰ ਦਿੱਤੀ। ਯੂਨੀਅਨ ਦੇ ਆਗੂਆਂ ਕੁਲਦੀਪ ਸਿੰਘ, ਧਰਮਪਾਲ, ਸੁਨੀਲ ਤੇ ਪ੍ਰਕਾਸ਼ ਚੰਦ ਆਦਿ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਭਰ ਵਿਚ ਪੰਦਰਾਂ ਹਜ਼ਾਰ ਸਫਾਈ ਸੇਵਕ ਹਨ, ਜੋ ਕਈ ਸਾਲਾਂ ਤੋਂ ਪੰਜ ਹਜ਼ਾਰ ਰੁਪਏ ਦੀ ਨਿਗੂਣੀ ਤਨਖਾਹ ’ਤੇ ਹੀ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਸਰਕਾਰ ’ਤੇ ਸਫਾਈ ਸੇਵਕਾਂ ਦਾ ਸ਼ੋਸ਼ਣ ਕਰਨ ਦਾ ਦੋਸ਼ ਲਾਇਆ।
ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਕਈ ਮੰਗ ਪੱਤਰ ਦੇ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ। ਆਗੂਆਂ ਨੇ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਤਹਿਤ ਕੰਮ ਕਰਦੇ ਸਾਰੇ ਮੁਲਾਜ਼ਮ ਪੱਕੇ ਕੀਤੇ ਜਾਣ। 2004 ਤੋਂ ਬੰਦ ਪਈ ਪੈਨਸ਼ਨ ਬਹਾਲ ਕੀਤੀ ਜਾਵੇ। ਛੇਵਾਂ ਪੇਅ ਕਮਿਸ਼ਨ ਲਾਗੂ ਕੀਤਾ ਜਾਵੇ ਅਤੇ ਸਫਾਈ ਸੇਵਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ।
INDIA ਸਫ਼ਾਈ ਸੇਵਕਾਂ ਵੱੱਲੋਂ ਮੋਤੀ ਮਹਿਲ ਵੱਲ ਰੋਸ ਮਾਰਚ