ਪੁਲੀਸ ਖ਼ਿਲਾਫ਼ ਲੋਕਾਂ ਵਿੱਚ ਗੁੱਸਾ, ਨਾਰਾਜ਼ਗੀ ਤੇ ਧਰਨੇ-ਪ੍ਰਦਰਸ਼ਨ

ਕਸਬਾ ਘੁਮਾਣ ਨੇੜੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ 3 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਦੂਜੇ ਪਾਸੇ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਨਾਰਾਜ਼ ਲੋਕਾਂ ਨੇ ਪੁਲੀਸ ਖਿਲਾਫ਼ ਧਰਨਾ ਲਾਇਆ ਅਤੇ ਨਾਅਰੇਬਾਜ਼ੀ ਕੀਤੀ। ਪੀੜਤ ਪਰਿਵਾਰਾਂ ਨੇ ਦੋਸ਼ ਲਾਏ ਕਿ ਕਾਰ ਦੇ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਥਾਣਾ ਘੁਮਾਣ ਦੇ ਐਸਐਚਓ ਲਲਿਤ ਸ਼ਰਮਾ ਨੇ ਦੱਸਿਆ ਕਿ ਲੋਕਾਂ ਨੇ ਪੁਲੀਸ ’ਤੇ ਦਬਾਅ ਬਣਾਉਣ ਲਈ ਧਰਨਾ ਲਾਇਆ ਜੋ ਮੰਗ ਕਰ ਰਹੇ ਸਨ ਕਿ ਕਾਰ ਚਾਲਕ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਰ ਚਾਲਕ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਉਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਾਫ਼ ਹੋਵੇਗਾ ਕਿ ਉਸ ਨੇ ਸ਼ਰਾਬ ਪੀਤੀ ਸੀ ਜਾਂ ਨਹੀਂ। ਐਸਐਚਓ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਅਤੇ ਕਾਰ ਚਾਲਕ ਖ਼ਿਲਾਫ਼ ਧਾਰਾ 304 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਹਾਦਸੇ ਵਿੱਚ ਜ਼ਖ਼ਮੀ ਗੁਰਦੇਵ ਸਿੰਘ ਵਾਸੀ ਪਿੰਡ ਕੌੜੇ ਨੇ ਦੱਸਿਆ ਕਿ ਘਟਨਾ ਸਮੇਂ ਉਹ ਆਪਣੇ ਦੋਸਤ ਰਣਜੋਧ ਸਿੰਘ ਅਤੇ 2 ਹੋਰ ਸਾਥੀਆਂ ਨਾਲ ਮਹਿਤਾ ਰੋਡ ’ਤੇ ਸੜਕ ਕਿਨਾਰੇ ਖੜਾ ਸੀ ਅਤੇ ਇਸੇ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਸਾਰਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਾਰ ਦੀ ਟੱਕਰ ਇੰਨੀ ਜਬਰਦਸਤ ਸੀ ਕਿ ਰਣਜੋਧ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਬਾਕੀ ਸਾਰੇ ਜ਼ਖਮੀ ਹੋ ਗਏ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ।