ਗੁਰਦੁਆਰਾ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦਾ ਸੁਝਾਅ ਰੱਦ

ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਗਿਆ ਅਤੇ ਇਸ ਨੂੰ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਢਾਹ ਲਾਉਣ ਵਾਲਾ ਕਰਾਰ ਦਿੱਤਾ ਗਿਆ। ਇਸ ਇਕੱਤਰਤਾ ਵਿਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਮੀਤ ਜਥੇਦਾਰ ਗਿਆਨੀ ਜੋਤ ਇੰਦਰ ਸਿੰਘ ਅਤੇ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ। ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦੇਣ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਕਾਰਜਕਾਰੀ ਜਥੇਦਾਰ ਬਣਨ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਇਹ ਪਲੇਠੀ ਇਕੱਤਰਤਾ ਸੀ।
ਇਕੱਤਰਤਾ ਮਗਰੋਂ ਕੀਤੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਗੁਰੂ ਸਾਹਿਬ ਵੱਲੋਂ ਸਥਾਪਤ ਪੰਚ ਪ੍ਰਧਾਨੀ ਪ੍ਰਥਾ ਦੇ ਵਿਰੁੱਧ ਹੈ।
ਉਨ੍ਹਾਂ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਸਬੰਧੀ ਅਪੀਲ ਨੂੰ ਸੱਤ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਉਹ 550 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਰਾਸ਼ਟਰਪਤੀ ਕੋਲ ਪਹੁੰਚ ਕਰਨ ਅਤੇ ਉਸ ਦੀ ਰਿਹਾਈ ਨੂੰ ਸੰਭਵ ਬਣਾਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਦੋਵਾਂ ਸਰਕਾਰਾਂ ਵੱਲੋਂ ਦਿੱਤੀ ਗਈ ਸਹਿਮਤੀ ਦੀ ਸ਼ਲਾਘਾ ਕੀਤੀ। ਨਿਰਮਲ ਕੁਟੀਆ ਜੋਲਾਂ ਦੇ ਬਾਬਾ ਜੀਤ ਸਿੰਘ ਅਤੇ ਬਾਬਾ ਜਸਪਾਲ ਸਿੰਘ ਦੇ ਆਪਸੀ ਵਿਵਾਦ ਬਾਰੇ ਉਨ੍ਹਾਂ ਆਖਿਆ ਕਿ ਇਸ ਸਬੰਧੀ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਵੱਲੋਂ ਦਿੱਤੀ ਗਈ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਬਾਬਾ ਜਸਪਾਲ ਸਿੰਘ ਨੂੰ ਨਿਰਮਲ ਭੇਖ ਵੱਲੋਂ ਸਹਾਇਕ ਸਥਾਪਤ ਕੀਤਾ ਗਿਆ ਸੀ। ਉਨ੍ਹਾਂ ਆਖਿਆ ਕਿ ਬਾਬਾ ਜਸਪਾਲ ਸਿੰਘ ਪਹਿਲਾਂ ਵਾਂਗ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।