ਕੇਂਦਰ ਨੇ ਮੰਤਰੀ ਸਤੇਂਦਰ ਜੈਨ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ

ਕੇਂਦਰ ਨੇ ਸੀਬੀਆਈ ਨੂੰ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਕੁਮਾਰ ਜੈਨ ਖ਼ਿਲਾਫ਼ ਆਮਦਨ ਤੋਂ ਵਧ ਜਾਇਦਾਦ ਹੋਣ ਦੇ ਮਾਮਲੇ ਵਿੱਚ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ। ਇਸ ਕਾਰਵਾਈ ਨਾਲ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚਾਲੇ ਪਹਿਲਾਂ ਤੋਂ ਚੱਲੇ ਆ ਰਹੇ ਤਣਾਅਪੂਰਨ ਸਬੰਧ ਹੋਰ ਖ਼ਰਾਬ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ’ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਦਾਅਵਾ ਕੀਤਾ ਕਿ ਜੈਨ ਖ਼ਿਲਾਫ਼ ਕੇਸ ਇਸ ਲਈ ਦਰਜ ਕੀਤਾ ਗਿਆ ਹੈ ਕਿਉਂਕਿ ਉਹ ਸ਼ਹਿਰ ਦੀਆਂ ਗੈਰਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਕੰਮ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦਿੱਲੀ ਦੇ ਲੋਕਾਂ ਦੀ ‘ਦੁਸ਼ਮਣ’ ਹੈ। ਕੇਂਦਰ ਸਰਕਾਰ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਸੀਬੀਆਈ ਨੂੰ ਮੰਤਰੀ ਸਤਿੰਦਰ ਜੈਨ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਦਿੱਤੀ ਹੈ।