ਪੁਰਾਣੇ ਅਕਾਲੀਆਂ ਵੱਲੋਂ ਨਵੀਂ ਪਾਰਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਤੇ ਸੀਨੀਅਰ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਆਗੂਆਂ ਨੂੰ ਪਾਰਟੀ ਦਾ ਵਿਰੋਧ ਕਰਨ ਦੇ ਦੋਸ਼ ਹੇਠ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਫਾਰਗ ਕਰ ਦਿੱਤਾ ਗਿਆ ਸੀ।
ਇੱਥੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਰਿਹਾਇਸ਼ ’ਤੇ ਇਕੱਠੇ ਹੋਏ ਇਨ੍ਹਾਂ ਆਗੂਆਂ ਨੇ ਐਲਾਨ ਕੀਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਬਰਾਬਰ ਇਕ ਨਵੀਂ ਪਾਰਟੀ ਬਣਾਉਣਗੇ, ਜਿਸ ਨੂੰ ਸੰਨ 1920 ਵਿਚ ਸਥਾਪਤ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤਾਂ ਅਤੇ ਪਰੰਪਰਾਵਾਂ ਅਨੁਸਾਰ ਚਲਾਇਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਿਚ ਬੈਠੇ ਨਿਰਾਸ਼ ਤੇ ਨਾਰਾਜ਼ ਆਗੂਆਂ ਤੇ ਵਰਕਰਾਂ ਸਮੇਤ ਪੁਰਾਣੇ ਟਕਸਾਲੀ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਨਵੀਂ ਬਣਾਈ ਜਾ ਰਹੀ ਪਾਰਟੀ ਵਿਚ ਸ਼ਾਮਲ ਹੋਣ।
ਇਸ ਮੌਕੇ ਸ੍ਰੀ ਬ੍ਰਹਮਪੁਰਾ ਨੇ ਆਖਿਆ ਕਿ ਰਸਮੀ ਤੌਰ ‘ਤੇ ਨਵੀਂ ਪਾਰਟੀ ਬਣਾਉਣ ਦਾ ਫ਼ੈਸਲਾ ਕਰ ਲਿਆ ਗਿਆ ਹੈ, ਜਿਸਦਾ ਪੂਰਾ ਨਾਂ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਐਲਾਨਿਆ ਜਾਵੇਗਾ ਪਰ ਇਸ ਦਾ ਮੁੱਢਲਾ ਨਾਂ ਸ਼੍ਰੋਮਣੀ ਅਕਾਲੀ ਦਲ ਹੀ ਹੋਵੇਗਾ। ਉਨ੍ਹਾਂ ਬੈਂਸ ਭਰਾਵਾਂ ਅਤੇ ਸੁਖਜਿੰਦਰ ਸਿੰਘ ਖਹਿਰਾ ਵਰਗੇ ਹੋਰ ਆਗੂਆਂ, ਜਿਨ੍ਹਾਂ ਦਾ ਪਿਛੋਕੜ ਪੰਥਕ ਪਾਰਟੀ ਨਾਲ ਜੁੜਿਆ ਰਿਹਾ ਹੈ, ਨੂੰ ਇਸ ਪਾਰਟੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਰਹਿੰਦਿਆਂ ਪੰਥ ਵਿਰੋਧੀ ਫ਼ੈਸਲਿਆਂ ਦਾ ਵਿਰੋਧ ਨਾ ਕਰਨ ਲਈ ਪੰਜਾਬੀਆਂ ਕੋਲੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਉਨ੍ਹਾਂ ਕੋਲੋਂ ਇਸ ਮਾਮਲੇ ਵਿਚ ਭੁੱਲ ਹੋਈ ਹੈ। ਉਹ ਇਸ ਸਬੰਧੀ ਗੁਰੂ ਘਰ ਜਾ ਕੇ ਖਿਮਾ ਯਾਚਨਾ ਕਰ ਚੁੱਕੇ ਹਨ ਅਤੇ ਹੁਣ ਪੰਜਾਬੀਆਂ ਕੋਲੋਂ ਵੀ ਖਿਮਾ ਯਾਚਨਾ ਕਰਦੇ ਹਨ। ਉਨ੍ਹਾਂ ਦੇਸ਼ ਵਿਦੇਸ਼ ਬੈਠੇ ਪੰਜਾਬੀਆਂ ਅਤੇ ਪੰਥ ਦਰਦੀਆਂ ਨੂੰ ਅਪੀਲ ਕੀਤੀ ਕਿ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਸਰੋਕਾਰਾਂ ਦੇ ਨਜ਼ਰੀਏ ਤੋਂ ਮੁੜ ਸੁਰਜੀਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵੇਲੇ ਜਿਹੜੇ ਪੰਥ ਦਰਦੀ ਸ਼੍ਰੋਮਣੀ ਅਕਾਲੀ ਦਲ ‘ਤੇ ਕਾਬਜ਼ ਹਾਕਮਾਂ ਦੀ ਕਥਿਤ ਧੱਕੇਸ਼ਾਹੀ ਦੇ ਖਿਲਾਫ਼ ਹਨ, ਉਹ ਉਨ੍ਹਾਂ ਕੋਲ ਵੀ ਜਾਣਗੇ ਅਤੇ ਸਹਿਯੋਗ ਦੀ ਮੰਗ ਕਰਨਗੇ।
ਇਸ ਮੌਕੇ ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਇਸ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਦੇ ਸਿਰ ਬੰਨ੍ਹਿਆ। ਉਨ੍ਹਾਂ ਪਹਿਲੀ ਵਾਰ ਖੁੱਲ੍ਹ ਕੇ ਬੋਲਦਿਆਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ’ਤੇ ਕਾਬਜ਼ ਬਾਦਲ ਤੇ ਮਜੀਠੀਆ ਪਰਿਵਾਰ ਨੇ ਪਾਰਟੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪਣੀ ਕੁਰਸੀ ਬਰਕਰਾਰ ਰੱਖਣ ਲਈ ਇਨ੍ਹਾਂ ਨੇ ਡੇਰਾ ਮੁਖੀ ਨਾਲ ਵੀ ਸਾਂਝ ਪਾਈ, ਜਿਸ ਖਿਲਾਫ਼ ਸ੍ਰੀ ਅਕਾਲ ਤਖ਼ਤ ਤੋਂ ਕੋਈ ਸਾਂਝ ਨਾ ਰੱਖਣ ਦਾ ਹੁਕਮਨਾਮਾ ਜਾਰੀ ਹੋ ਚੁੱਕਾ ਸੀ। ਉਨ੍ਹਾਂ ਬੇਅਦਬੀ ਅਤੇ ਬਰਗਾੜੀ ਕਾਂਡ ਨਾਲ ਹੋਏ ਨੁਕਸਾਨ ਵਾਸਤੇ ਵੀ ਇਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਇੱਕ ਸਵਾਲ ਦੇ ਜਵਾਬ ਵਿਚ ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੋਵੇਂ ਘਿਉ ਖਿਚੜੀ ਹਨ। ਉਨ੍ਹਾਂ ਦੋਸ਼ ਲਾਇਆ ਕਿ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਵਿਚਾਲੇ ਤੀਜੀ ਪਾਰਟੀ ‘ਆਪ’ ਨੂੰ ਪੰਜਾਬ ਵਿਚ ਆਉਣ ਤੋਂ ਰੋਕਣ ਲਈ ਰਣਨੀਤੀ ਤੈਅ ਹੋ ਗਈ ਸੀ। ਇਸ ਮੌਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਮਨਮੋਹਨ ਸਿੰਘ ਸਠਿਆਲਾ ਤੇ ਹੋਰ ਆਗੂ ਹਾਜ਼ਰ ਸਨ।