ਪੁਣਛ ਜ਼ਿਲ੍ਹੇ ’ਚ ਬੱਸ ਖੱਡ ਵਿੱਚ ਡਿੱਗੀ, 13 ਮੁਸਾਫ਼ਰ ਹਲਾਕ

ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਅੱਜ ਇਕ ਮੁਸਾਫ਼ਰ ਬੱਸ ਸੌ ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਵਿੱਚ 13 ਮੁਸਾਫ਼ਰਾਂ ਦੀ ਮੌਤ ਹੋ ਗਈ ਜਦੋਂਕਿ 17 ਜਣੇ ਜ਼ਖ਼ਮੀ ਹੋ ਗਏ। ਜ਼ਖਮੀਆਂ ’ਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਸੂਬੇ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਹਾਦਸੇ ਵਿੱਚ ਕੀਮਤੀ ਜਾਨਾਂ ਜਾਣ ’ਤੇ ਦੁੱਖ ਜਤਾਇਆ ਹੈ। ਉਨ੍ਹਾਂ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਦੁਆ ਕੀਤੀ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹਾਦਸਾ ਮੰਡੀ ਖੇਤਰ ਵਿੱਚ ਪਲੇਰਾ ਵਿਖੇ ਵਾਪਰਿਆ। 42 ਸੀਟਰ ਬੱਸ ਲੋਰਾਂ ਤੋਂ ਪੁਣਛ ਵੱਲ ਆ ਰਹੀ ਸੀ ਕਿ ਤਿੱਖੇ ਮੋੜ ’ਤੇ ਡਰਾਈਵਰ ਤੋਂ ਬੇਕਾਬੂ ਹੋ ਕੇ ਖੱਡ ਵਿੱਚ ਜਾ ਡਿੱਗੀ। ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਪੰਜ ਹੋਰ ਜਣਿਆਂ ਨੇ ਹਾਦਸੇ ਵਾਲੀ ਥਾਂ ਤੋਂ ਲਿਜਾਣ ਮੌਕੇ ਦਮ ਤੋੜ ਦਿੱਤਾ। ਦੋ ਵਿਅਕਤੀਆਂ ਦੀ ਸਥਾਨਕ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀ ਮੁਤਾਬਕ ਜ਼ਖ਼ਮੀਆਂ ਵਿੱਚੋਂ ਚਾਰ ਦੀ ਹਾਲਤ ਨਾਜ਼ੁਕ ਹੈ ਤੇ ਉਨ੍ਹਾਂ ਨੂੰ ਹਵਾਈ ਰਸਤੇ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਜੰਮੂ ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਹਾੜੀ ਇਲਾਕੇ ਵਿੱਚ ਸੜਕੀ ਹਾਦਸਿਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਜਾਂਚ ਕਰਾਏ ਜਾਣ ਦੀ ਮੰਗ ਕੀਤੀ ਹੈ। ਕਮੇਟੀ ਨੇ ਇਕ ਬਿਆਨ ਵਿੱਚ ਕਿਹਾ ਕਿ ਰਾਜ ਦੀਆਂ ਸੜਕਾਂ (ਖਾਸ ਕਰਕੇ ਪਹਾੜੀ ਤੇ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ) ’ਤੇ ਚਲਦੇ ਪੁਰਾਣੇ ਵਾਹਨਾਂ ਦੀ ਹਾਲਤ ਚੈੱਕ ਕਰਨ ਲਈ ਅਧਿਕਾਰੀਆਂ ਦੀ ਇਕ ਵਿਸ਼ੇਸ਼ ਟੀਮ ਗਠਿਤ ਕੀਤੀ ਜਾਵੇ। ਕਮੇਟੀ ਨੇ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਤੇ ਜ਼ਖ਼ਮੀਆਂ ਨੂੰ ਯੋਗ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਵੀ ਕੀਤੀ।