ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਉਮਰ ਕੈਦ ਲਈ ਸਜ਼ਾਯਾਫ਼ਤਾ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕਰਕੇ ‘ਪਰਿਵਾਰਕ ਕਾਰਨਾਂ’ ਦਾ ਹਵਾਲਾ ਦਿੰਦਿਆਂ ਆਤਮ ਸਮਰਪਣ ਦੀ ਮਿਆਦ 30 ਜਨਵਰੀ 2019 ਤਕ ਵਧਾਏ ਜਾਣ ਦੀ ਮੰਗ ਕੀਤੀ ਹੈ। ਕੁਮਾਰ ਦੀ ਇਸ ਅਪੀਲ ’ਤੇ ਸੁਣਵਾਈ ਭਲਕੇ ਸ਼ੁੱਕਰਵਾਰ ਨੂੰ ਹੋਣ ਦੀ ਸੰਭਾਵਨਾ ਹੈ। ਸੱਜਣ ਕੁਮਾਰ ਨੂੰ 17 ਦਸੰਬਰ ਨੂੰ ਦਿੱਲੀ ਹਾਈ ਕੋਰਟ ਨੇ ਪੰਜ ਸਿੱਖਾਂ ਦੇ ਕਤਲ ਤੇ ਗੁਰਦੁਆਰੇ ਦੀ ਸਾੜ ਫੂਕ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤਕ ਆਤਮ ਸਮਰਪਣ ਕਰਨ ਦੀ ਤਾਕੀਦ ਕੀਤੀ ਹੋਈ ਹੈ। ਸੱਜਣ ਕੁਮਾਰ ਦੇ ਵਕੀਲ ਅਨਿਲ ਸ਼ਰਮਾ ਨੇ ਹਾਈ ਕੋਰਟ ਵਿੱਚ ਦਾਇਰ ਅਪੀਲ ਵਿੱਚ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਸੁਪਰੀਮ ਕੋਰਟ ਵਿੱਚ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਅਤੇ ਜਾਇਦਾਦ ਨਾਲ ਸਬੰਧਤ ਪਰਿਵਾਰਕ ਮਸਲੇ ਨਜਿੱਠਣ ਲਈ ਹੋਰ ਸਮਾਂ ਚਾਹੀਦਾ ਹੈ। ਹਾਈ ਕੋਰਟ ਨੇ ਪਾਲਮ ਕਲੋਨੀ ਦੇ ਰਾਜ ਨਗਰ ਪਾਰਟ 1 ਵਿੱਚ 5 ਸਿੱਖਾਂ ਦੇ ਕਤਲ ਤੇ ਰਾਜਨਗਰ ਪਾਰਟ 2 ਵਿਚਲੇ ਗੁਰਦੁਆਰੇ ਦੀ ਸਾੜ ਫੂਕ ਨਾਲ ਜੁੜੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਕੁਦਰਤੀ ਮੌਤ ਤਕ ਉਮਰ ਕੈਦ ਤੇ ਦੋ ਹੋਰਨਾਂ ਸਾਥੀਆਂ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ ਸੀ।
INDIA ਆਤਮਸਮਰਪਣ ਲਈ ਸੱਜਣ ਨੇ ਮਹੀਨੇ ਦੀ ਮੋਹਲਤ ਮੰਗੀ