ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਪਿਛਲੀ ਬਾਦਲ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੇ ਮੁਖੀ ਰਹੇ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਧਰ ਬਾਗ਼ੀ ਧੜੇ ਨਾਲ ਰਲੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਮੁੜ ‘ਆਪ’ ਨਾਲ ਤੁਰ ਪਏ ਹਨ।
ਅੱਜ ਦਿੱਲੀ ’ਚ ‘ਆਪ’ ਦੇ ਮੁੱਖ ਦਫ਼ਤਰ ਵਿਖੇ ਜਸਟਿਸ ਜ਼ੋਰਾ ਸਿੰਘ ਨੂੰ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਸ੍ਰੀ ਜ਼ੋਰਾ ਸਿੰਘ ਨੇ ਕਿਹਾ ਕਿ 35 ਸਾਲ ਦੀਆਂ ਸੇਵਾਵਾਂ ਮਗਰੋਂ ਉਨ੍ਹਾਂ ਸਮਾਜ ਸੇਵਾ ਵੱਲ ਆਉਣ ਦਾ ਫ਼ੈਸਲਾ ਲਿਆ। ‘ਆਪ’ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਦਿੱੱਲੀ ’ਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ’ਚ ਚੰਗੇ ਕੰਮ ਕੀਤੇ ਹਨ। ਬੇਅਦਬੀ ਕਾਂਡ ਦੀ ਰਿਪੋਰਟ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਰਿਪੋਰਟ ਤਤਕਾਲੀ ਬਾਦਲ ਸਰਕਾਰ ਨੂੰ ਦੇ ਦਿੱਤੀ ਸੀ ਜਿਸ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਉਸ ਨੂੰ ਜਨਤਕ ਕਰਨ ਦੀ ਕੋਸ਼ਿਸ਼ ਕੀਤੀ ਗਈ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਗਈ ਹੁੰਦੀ ਤਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਮੇਧ ਸਿੰਘ ਸੈਣੀ ਅਤੇ ਹੋਰ ਲੋਕ ਜੇਲ੍ਹਾਂ ਵਿੱਚ ਬੰਦ ਹੁੰਦੇ। ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ 28 ਜਨਵਰੀ ਨੂੰ ਬਰਨਾਲਾ, 29 ਜਨਵਰੀ ਨੂੰ ਗੜ੍ਹਸ਼ੰਕਰ ਅਤੇ 2 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਰੈਲੀਆਂ ਕਰਨਗੇ। ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਲੋਕਾਂ ਲਈ ਉਮੀਦ ਦੀ ਕਿਰਨ ਬਣੇ ਹਨ ਅਤੇ ਹੁਣ ਲੋਕ ਸਭਾ ਚੋਣਾਂ ’ਚ ਉਨ੍ਹਾਂ ਨੂੰ ਹੋਰ ਵੱਧ ਹਮਾਇਤ ਮਿਲੇਗੀ। ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਨਵਦੀਪ ਸਿੰਘ ਸੰਘਾ ਅਤੇ ਹੋਰ ਆਗੂ ਹਾਜ਼ਰ ਸਨ।
INDIA ਜਸਟਿਸ ਜ਼ੋਰਾ ਸਿੰਘ ‘ਆਪ’ ਵਿੱਚ ਸ਼ਾਮਲ