ਸ਼ਹੀਦੀ ਸਭਾ: ਆਖ਼ਰੀ ਦਿਨ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਤੀਜੇ ਤੇ ਆਖ਼ਰੀ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਨਗਰ ਕੀਰਤਨ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ। ਇਸ ਮੌਕੇ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਸ਼ਖ਼ਸੀਅਤਾਂ ਦੇ ਨਾਲ ਨਾਲ ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਦਲਾਂ ਤੇ ਗੁਰਮਤਿ ਟਕਸਾਲਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਇਹ ਨਗਰ ਕੀਰਤਨ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੱਕ ਸਜਾਇਆ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਮਗਰੋਂ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਜਪੁਜੀ ਸਾਹਿਬ ਦੇ ਪਾਠ ਮਗਰੋਂ ਅਰਦਾਸ ਕੀਤੀ ਗਈ ਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਗਿਆਨੀ ਜਗਤਾਰ ਸਿੰਘ ਨੇ ਲਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜ ਪਿਆਰਿਆਂ ਨੂੰ ਸਿਰੋਪੇ ਭੇਟ ਕੀਤੇ ਤੇ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਜੈਕਾਰਿਆਂ ਦੀ ਗੂੰਜ ਵਿਚ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਸਮਾਪਤੀ ਮੌਕੇ ਗਿਆਨੀ ਜਗਤਾਰ ਸਿੰਘ ਨੇ ਪਾਠ ਕੀਤਾ ਤੇ ਸਮਾਪਤੀ ਦੀ ਅਰਦਾਸ ਗਿਆਨੀ ਰਘਬੀਰ ਸਿੰਘ (ਜਥੇਦਾਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ) ਨੇ ਕੀਤੀ। ਨਗਰ ਕੀਰਤਨ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਜਸਵਿੰਦਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਜੱਸਾ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਰਵਿੰਦਰ ਸਿੰਘ ਖ਼ਾਲਸਾ, ਅਵਤਾਰ ਸਿੰਘ, ਦੀਦਾਰ ਸਿੰਘ ਭੱਟੀ, ਸੁਰਜੀਤ ਸਿੰਘ ਰੱਖੜਾ, ਦਰਬਾਰਾ ਸਿੰਘ ਗੁਰੂ ਤੇ ਮੈਨੇਜਰ ਅਮਰਜੀਤ ਸਿੰਘ ਆਦਿ ਮੌਜੂਦ ਸਨ।