ਜੁਮਲੇਬਾਜ਼ੀ ’ਚ ਮੋਦੀ ਦਾ ਕੋਈ ਮੁਕਾਬਲਾ ਨਹੀਂ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੁਮਲੇਬਾਜ਼ ਤੇ ਝੂਠੇ ਬਿਆਨ ਦਾਗਣ ’ਚ ਮਾਹਿਰ ਗਰਦਾਨਦੇ ਹੋਏ ਉਨ੍ਹਾਂ ਨੂੰ ਆਪਣੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੋਈ ਇੱਕ ਵੀ ਵਾਅਦਾ ਪੂਰਾ ਕਰਨ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਫੁੱਟਪਾਊ ਨੀਤੀਆਂ ਕਾਰਨ ਦੇਸ਼ ਤਬਾਹੀ ਵਿਚ ਫਸ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਆਜ਼ਾਦ ਭਾਰਤ ਦੇ ਸਭ ਤੋਂ ਮਾੜੇ ਆਗੂ ਹਨ। ਇਕ ਦਿਨ ਪਹਿਲਾਂ ਗੁਰਦਾਸਪੁਰ ਰੈਲੀ ਵਿੱਚ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਬਿਆਨ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ‘ਜੁਮਲੇਬਾਜ਼’ ਪ੍ਰਧਾਨ ਮੰਤਰੀ ਨੇ ਧੋਖੇ ਤੇ ਪਾਖੰਡ ਨਾਲ ਦੇਸ਼ ਨੂੰ ਨਿਵਾਣਾਂ ’ਤੇ ਲੈ ਆਂਦਾ ਹੈ ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਪੱਕੀ ਹਾਰ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਬੁਰੀ ਤਰ੍ਹਾਂ ਨਿਰਾਸ਼ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਨੇ ਇੱਕ ਵਾਰ ਫਿਰ 1984 ਦੇ ਦੰਗਿਆਂ ਅਤੇ ਕਰਤਾਰਪੁਰ ਲਾਂਘੇ ਤੋਂ ਲੈ ਕੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਹਰ ਮੁੱਦੇ ’ਤੇ ਝੂਠ ਬੋਲਿਆ ਹੈ ਅਤੇ ਉਹ ਆਪਣੀਆਂ ਪੰਜ ਸਾਲ ਦੀਆਂ ਨਾਕਾਮੀਆਂ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਹੈ। ਕੈਪਟਨ ਨੇ 1984 ਦੇ ਦੰਗਿਆਂ ਸਬੰਧੀ ਤਿਲਕ ਮਾਰਗ ਥਾਣੇ ਵਿੱਚ ਦਰਜ ਐੱਫਆਈਆਰ ’ਚ ਭਾਜਪਾ ਤੇ ਆਰਐੱਸਐੱਸ ਵਰਕਰਾਂ ਦੇ ਮਾਮਲੇ ਬਾਰੇ ਸਾਜ਼ਿਸ਼ੀ ਚੁੱਪ ਧਾਰਨ ਲਈ ਪ੍ਰਧਾਨ ਮੰਤਰੀ ਨੂੰ ਸਵਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਗਾਂਧੀ ਪਰਿਵਾਰ ਵਿਰੁੱਧ ਕਿਸੇ ਨੇ ਵੀ ਕੋਈ ਦੋਸ਼ ਨਹੀਂ ਲਾਇਆ ਪਰ ਫਿਰ ਵੀ ਸ੍ਰੀ ਮੋਦੀ ਇਸ ਮਾਮਲੇ ਵਿਚ ਗਾਂਧੀ ਪਰਿਵਾਰ ਦਾ ਨਾਂ ਘਸੀਟਣ ਦੀ ਕੋਸ਼ਿਸ਼ ਕਰ ਰਹੇ ਹਨ। ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ, ‘2002 ਦੇ ਗੁਜਰਾਤ ਦੰਗਿਆਂ ਬਾਰੇ ਤੁਹਾਡਾ ਕੀ ਖਿਆਲ ਹੈ ਜੋ ਐਨ ਤੁਹਾਡੇ ਨੱਕ ਹੇਠ ਵਾਪਰੇ ਸਨ ਅਤੇ ਜਿਨ੍ਹਾਂ ਵਿੱਚ ਤੁਹਾਡੀ ਆਪਣੀ ਪਾਰਟੀ ਦੇ ਮੈਂਬਰਾਂ ਦਾ ਨਾਂ ਆਇਆ ਹੈ ਅਤੇ ਦੋਸ਼ ਲੱਗੇ ਸਨ’। ਕਰਤਾਰਪੁਰ ਲਾਂਘੇ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀਆਂ ਕੋਸ਼ਿਸ਼ਾਂ ਕਰਨ ਲਈ ਪ੍ਰਧਾਨ ਮੰਤਰੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਇਸ ਵਾਸਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਮੇਂ ਤੋਂ ਹੀ ਕਾਂਗਰਸ ਸਰਗਰਮੀ ਨਾਲ ਕੋਸ਼ਿਸ਼ਾਂ ਕਰਦੀ ਆ ਰਹੀ ਹੈ ਅਤੇ ਬਾਅਦ ’ਚ ਡਾ. ਮਨਮੋਹਨ ਸਿੰਘ ਨੇ ਵੀ ਇਹ ਕੋਸ਼ਿਸ਼ਾਂ ਕੀਤੀਆਂ। ਉਹ ਖੁਦ ਕਈ ਸਾਲਾਂ ਤੋਂ ਪਾਕਿਸਤਾਨ ਦੇ ਨਾਲ ਇਹ ਮੁੱਦਾ ਉਠਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ, ‘ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸਾਡੇ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਬੇਨਤੀਆਂ ਦੇ ਬਾਵਜੂਦ ਤੁਸੀਂ ਇੱਕ ਵੀ ਪੈਸਾ ਨਹੀਂ ਦਿੱਤਾ ਅਤੇ ਤੁਸੀਂ ਅਜੇ ਵੀ ਆਪਣੇ ਆਪ ਨੂੰ ਸਿੱਖਾਂ ਤੇ ਉਨ੍ਹਾਂ ਦੇ ਧਰਮ ਦੇ ਰਖਵਾਲੇ ਹੋਣ ਦਾ ਦਾਅਵਾ ਕਰਦੇ ਹੋ।’ ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਆਪਣੇ 21 ਮਹੀਨਿਆਂ ਦੇ ਕਾਰਜਕਾਲ ’ਚ ਕੇਂਦਰ ਦੀ ਮੋਦੀ ਸਰਕਾਰ ਦੇ ਪੰਜ ਸਾਲਾਂ ਦੇ ਸਮੇਂ ਤੋਂ ਕਿਤੇ ਜ਼ਿਆਦਾ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਭਾਰਤ ਨੂੰ ਵਿੱਤੀ ਸੰਕਟ ਵਿਚ ਧੱਕ ਦਿੱਤਾ ਹੈ। ਜ਼ਰੂਰੀ ਵਸਤਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਭ੍ਰਿਸ਼ਟਾਚਾਰ ਸਿਖਰਾਂ ’ਤੇ ਪਹੁੰਚ ਗਿਆ ਹੈ। ਰਾਫਾਲ ਸਮਝੌਤੇ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਮੁੱਠੀ ਭਰ ਵਪਾਰਕ ਘਰਾਣਿਆਂ ਦੀ ਕਿਸ ਤਰ੍ਹਾਂ ਮਦਦ ਕਰ ਰਹੀ ਹੈ।