ਬ੍ਰਹਮਪੁਰਾ ਨੇ ਸੁਖਬੀਰ ਨੂੰ ਦਿੱਤੀ ਖੁੱਲ੍ਹੀ ਚੁਣੌਤੀ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਬਾਦਲਾਂ ਦੇ ਹਲਕੇ ’ਚ ਪੁੱਜ ਕੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਇਆ। ਸ੍ਰੀ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਕਿ ਉਹ ਉਨ੍ਹਾਂ (ਬ੍ਰਹਮਪੁਰਾ) ਉੱਤੇ ਲਾਏ ਦੋਸ਼ਾਂ ਨੂੰ ਸਾਬਤ ਕਰੇ ਜਾਂ ਫਿਰ ਸਿਆਸਤ ਛੱਡੇ। ਸੁਖਬੀਰ ਬਾਦਲ ਨੇ ਲੰਘੇ ਦਿਨ ਇਕ ਮੀਟਿੰਗ ਵਿੱਚ ਕਿਹਾ ਸੀ ਕਿ ਬ੍ਰਹਮਪੁਰਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੀਟਿੰਗ ਮਗਰੋਂ ਅਕਾਲੀ ਦਲ ਨੂੰ ਛੱਡਿਆ ਤੇ ਨਵੀਂ ਪਾਰਟੀ ਬਣਾਈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਬਾਦਲ ਆਪਣੇ ਪਰਿਵਾਰ ਸਮੇਤ ਅਕਾਲ ਤਖ਼ਤ ਸਾਹਿਬ ’ਤੇ ਚੜ੍ਹਨ ਅਤੇ ਇੱਧਰ ਉਹ ਆਪਣੇ ਪਰਿਵਾਰ ਸਮੇਤ ਜਾਣਗੇ। ਸੱਚ ਝੂਠ ਦਾ ਆਪੇ ਨਿਤਾਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੁਖਬੀਰ ਬਾਦਲ ਖ਼ੁਦ ਅਮਰਿੰਦਰ ਨਾਲ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਐਤਕੀਂ ਚੋਣਾਂ ਵਿਚ ਲੋਕ ਹਰਸਿਮਰਤ ਕੌਰ ਬਾਦਲ ਦਾ ਗ਼ਰੂਰ ਵੀ ਤੋੜ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਬਠਿੰਡਾ ਸੀਟ ਬਾਰੇ ਫ਼ੈਸਲਾ ਮਹਾਂਗਠਜੋੜ ਬਣਨ ਮਗਰੋਂ ਕਰੇਗੀ। ਸ੍ਰੀ ਬ੍ਰਹਮਪੁਰਾ ਤੋਂ ਇਲਾਵਾ ਸਾਬਕਾ ਐਮ.ਪੀ ਰਤਨ ਸਿੰਘ ਅਜਨਾਲਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਵੀ ਅੱਜ ਬਠਿੰਡਾ ਪੁੱਜੇ ਹੋਏ ਸਨ। ਇਨ੍ਹਾਂ ਸਾਰਿਆਂ ਨੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਸਾਬਕਾ ਜਥੇਦਾਰ ਨੰਦਗੜ੍ਹ ਨੇ ਟਕਸਾਲੀ ਲੀਡਰਾਂ ਨੂੰ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ ਕੀਤਾ। ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਮਹਾਂਗਠਜੋੜ ਬਾਰੇ ‘ਆਪ’ ਨਾਲ ਚੱਲੀ ਗੱਲਬਾਤ ਹਾਲੇ ਟੁੱਟੀ ਨਹੀਂ ਹੈ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਖੁਦ ਫ਼ੋਨ ਕਰਕੇ ਚੰਗਾ ਹੁੰਗਾਰਾ ਭਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਲਈ ਨਿੱਜੀ ਹਿਤਾਂ ਤੋਂ ਉੱਪਰ ਉੱਠ ਕੇ ਸੋਚਣਾ ਚਾਹੀਦਾ ਹੈ। ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਬਾਰੇ ਪੁੱਛੇ ਜਾਣ ’ਤੇ ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਢੀਂਡਸਾ ਨਾਲ ਕਈ ਵਾਰ ਗੱਲਬਾਤ ਹੋਈ ਹੈ, ਪਰ ਅਜੇ ਉਹ ਦੁਚਿੱਤੀ ਵਿਚ ਹਨ। ਟਕਸਾਲੀ ਲੀਡਰਾਂ ਨੇ ਐਲਾਨ ਕੀਤਾ ਕਿ ਉਹ ਖੁਦ ਲੋਕ ਸਭਾ ਚੋਣਾਂ ਨਹੀਂ ਲੜਨਗੇ, ਪਰ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਕਮੇਟੀ ਅਤੇ ਲੋਕ ਸਭਾ ਚੋਣਾਂ ਲੜੇਗੀ। ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਦੇ ਭਲੇ ਲਈ ਪੰਥਕ ਧਿਰਾਂ ਨਾਲ ਵੀ ਗੱਲਬਾਤ ਜਾਰੀ ਹੈ।