ਬਹਿਬਲ ਕਾਂਡ: ਤਿੰਨ ਪੁਲੀਸ ਅਧਿਕਾਰੀਆਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ

‘ਸਿੱਟ’ ਵੱਲੋਂ ਗ੍ਰਿਫ਼ਤਾਰੀ ਦੀ ਸੰਭਾਵਨਾ ਵਧੀ; ਅਧਿਕਾਰੀ ਰੂਪੋਸ਼ ਹੋਏ

ਬਹਿਬਲ ਕਾਂਡ ਵਿੱਚ ਘਿਰੇ ਤਿੰਨ ਪੁਲੀਸ ਅਧਿਕਾਰੀਆਂ ਬਿਕਰਮਜੀਤ ਸਿੰਘ, ਅਮਰਜੀਤ ਸਿੰਘ ਕੁਲਾਰ ਅਤੇ ਪ੍ਰਦੀਪ ਸਿੰਘ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਨੇ ਅੱਜ ਖਾਰਜ ਕਰ ਦਿੱਤੀਆਂ। ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵੱਧ ਗਈ ਹੈ ਪਰ ਉਹ ਰੂਪੋਸ਼ ਹੋ ਗਏ ਹਨ। ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਮਗਰੋਂ ਇਨ੍ਹਾਂ ਅਧਿਕਾਰੀਆਂ ਨੂੰ ‘ਸਿੱਟ’ ਮੂਹਰੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਐਸਪੀ ਬਿਕਰਮਜੀਤ ਸਿੰਘ, ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਅਤੇ ਇੰਸਪੈਕਟਰ ਪ੍ਰਦੀਪ ਸਿੰਘ ਨੇ 29 ਜਨਵਰੀ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੀ ਥਾਂ ਸਥਾਨਕ ਸੈਸ਼ਨ ਕੋਰਟ ਵਿੱਚ ਅਰਜ਼ੀ ਦੇ ਕੇ ਆਪਣੀ ਗ੍ਰਿਫ਼ਤਾਰੀ ਦਾ ਖਦਸ਼ਾ ਜਤਾਇਆ ਸੀ। ਪੁਲੀਸ ਅਧਿਕਾਰੀਆਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰਦਿਆਂ ਜੱਜ ਨੇ ਕਿਹਾ ਕਿ ਇਹ ਦੋ ਨੌਜਵਾਨਾਂ ਦੇ ਕਤਲ ਨਾਲ ਜੁੜਿਆ ਮਾਮਲਾ ਹੈ ਅਤੇ ਇਸ ਗੰਭੀਰ ਅਪਰਾਧ ਵਿੱਚ ਪੁਲੀਸ ਅਧਿਕਾਰੀਆਂ ਨੂੰ ਅਗਾਊਂ ਜ਼ਮਾਨਤ ਦਾ ਲਾਭ ਨਹੀਂ ਦਿੱਤਾ ਜਾ ਸਕਦਾ ਹੈ। ਐਸਪੀ ਬਿਕਰਮਜੀਤ ਸਿੰਘ ਵੱਲੋਂ ਅਦਾਲਤ ਦੇ ਸਪੁਰਦ ਕੀਤੇ ਗਏ ਪਾਸਪੋਰਟ ਦਾ ਵੀ ਉਸ ਨੂੰ ਕੋਈ ਲਾਭ ਨਹੀਂ ਮਿਲ ਸਕਿਆ। ਅਦਾਲਤ ਨੇ ਉਸ ਨੂੰ ਆਦੇਸ਼ ਦਿੱਤਾ ਕਿ ਉਹ ਆਪਣਾ ਪਾਸਪੋਰਟ ਅਦਾਲਤ ਵਿੱਚੋਂ ਵਾਪਸ ਲੈ ਸਕਦਾ ਹੈ। ਇਸ ਘਟਨਾਕ੍ਰਮ ਤੋਂ ਬਾਅਦ ਪੁਲੀਸ ਅਧਿਕਾਰੀ ਰੂਪੋਸ਼ ਹੋ ਗਏ ਹਨ। ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਐਸਐਸਪੀ ਦੀ ਗ੍ਰਿਫ਼ਤਾਰੀ ਤੋਂ ਬਾਅਦ 90 ਦਿਨਾਂ ਦੇ ਅੰਦਰ ਚਲਾਨ ਅਦਾਲਤ ਵਿੱਚ ਪੇਸ਼ ਕਰਨਾ ਹੈ ਅਤੇ ਇਸ ਤੋਂ ਪਹਿਲਾਂ ਉਹ ਉਕਤ ਤਿੰਨੇ ਅਧਿਕਾਰੀਆਂ ਤੋਂ ਪੁੱਛ-ਗਿੱਛ ਕਰਨਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਬਹਿਬਲ ਕਾਂਡ ਵਿੱਚ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੇ ਕਤਲ ਸਬੰਧੀ ਥਾਣਾ ਬਾਜਾਖਾਨਾ ਵਿੱਚ ਅਕਤੂਬਰ 2015 ਵਿੱਚ ਪਰਚਾ ਦਰਜ ਹੋਇਆ ਸੀ।